ਚੰਡੀਗੜ੍ਹ/ਅੰਮ੍ਰਿਤਸਰ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਸਿਆਸੀ ਝਟਕਾ ਲੱਗਾ ਹੈ। ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਤੰਬਰ 2025 ਵਿੱਚ ਵੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੀ ਇੱਕ ਕਮੇਟੀ ਤੋਂ ਅਸਤੀਫ਼ਾ ਦਿੱਤਾ ਸੀ। ਹੁਣ ਵਿਧਾਇਕ ਦੇ ਅਹੁਦੇ ਤੋਂ ਉਨ੍ਹਾਂ ਦੇ ਅਸਤੀਫ਼ੇ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕ ਅਸਤੀਫ਼ੇ ਦੇ ਚੁੱਕੇ ਹਨ। ਇਨ੍ਹਾਂ ਵਿੱਚ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਨਾਂ ਸ਼ਾਮਲ ਹਨ। ਦੋਵਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਦਾ ਐਲਾਨ ਆਪਣੇ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਕੀਤਾ ਸੀ।
2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਦੇ ਆਗੂਆਂ ਵੱਲੋਂ ਲਏ ਜਾ ਰਹੇ ਇਨ੍ਹਾਂ ਫ਼ੈਸਲਿਆਂ ਕਾਰਨ ਪੰਜਾਬ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ। ਹੁਣ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਗਲੇ ਕਦਮ ’ਤੇ ਸਾਰਿਆਂ ਦੀ ਨਜ਼ਰ ਰਹੇਗੀ।
