Home ਪੰਜਾਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਸਜਿਆ ਸੱਚਖੰਡ ਸ੍ਰੀ ਹਰਿਮੰਦਰ...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਸਜਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

0

ਅੰਮ੍ਰਿਤਸਰ: ਸਿੱਖ ਧਰਮ ਦੇ ਚੌਥੇ ਪਾਤਸ਼ਾਹ ਅਤੇ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਅਤੇ ਰੌਸ਼ਨੀਆਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਹੈ। ਗੁਰੂ ਘਰ ਦੀ ਮਨਮੋਹਕ ਸਜਾਵਟ ਅਤੇ ਗੁਰਬਾਣੀ ਕੀਰਤਨ ਨਾਲ ਸਮੁੱਚਾ ਮਾਹੌਲ ਰੂਹਾਨੀ ਰੰਗ ਵਿੱਚ ਰੰਗਿਆ ਹੋਇਆ ਹੈ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।

ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਧਾਮਾਂ ਵਿਖੇ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿੱਚ ਗੁਰਬਾਣੀ ਕੀਰਤਨ, ਕਥਾ-ਵਿਚਾਰ, ਕਵੀ ਦਰਬਾਰ ਅਤੇ ਅੰਮ੍ਰਿਤ ਸੰਚਾਰ ਸ਼ਾਮਲ ਹਨ। ਰਾਤ ਸਮੇਂ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਦੀਪਮਾਲਾ ਅਤੇ ਆਤਿਸ਼ਬਾਜ਼ੀ ਨਾਲ ਗੁਰੂ ਨਗਰੀ ਨੂੰ ਰੌਸ਼ਨ ਕੀਤਾ ਜਾਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ, ਮੰਜੀ ਸਾਹਿਬ ਵਿਖੇ ਧਾਰਮਿਕ ਦੀਵਾਨ

ਪ੍ਰਕਾਸ਼ ਪੁਰਬ ਮੌਕੇ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਅੰਮ੍ਰਿਤ ਛਕਣ ਦੇ ਇੱਛੁਕ ਸ਼ਰਧਾਲੂਆਂ ਨੂੰ ਕੇਸੀ ਇਸ਼ਨਾਨ ਕਰਕੇ ਪੰਜ ਕਕਾਰਾਂ ਸਮੇਤ ਨਿਰਧਾਰਤ ਸਮੇਂ ’ਤੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸਵੇਰ ਤੋਂ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਸਿੱਖ ਇਤਿਹਾਸ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ।

ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਗਿਆਨੀ ਭਾਈ ਦਵਿੰਦਰ ਸਿੰਘ ਖੰਨੇ ਵਾਲੇ ਅਤੇ ਗਿਆਨੀ ਭਾਈ ਪਿੰਦਰਪਾਲ ਸਿੰਘ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਉਣਗੇ। ਇਸ ਤੋਂ ਬਾਅਦ ਕਵੀ ਸਮਾਗਮ ਹੋਵੇਗਾ, ਜਿਸ ਵਿੱਚ ਪੰਥ ਦੇ ਪ੍ਰਸਿੱਧ ਕਵੀ ਹਾਜ਼ਰੀ ਭਰਨਗੇ।

ਦੀਪਮਾਲਾ ਤੇ ਆਤਿਸ਼ਬਾਜ਼ੀ ਨਾਲ ਰੁਸ਼ਨਾਏਗੀ ਗੁਰੂ ਨਗਰੀ

ਪ੍ਰਕਾਸ਼ ਪੁਰਬ ਦੀ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਦੀਪਮਾਲਾ ਕੀਤੀ ਜਾਵੇਗੀ। ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਆਤਿਸ਼ਬਾਜ਼ੀ ਹੋਵੇਗੀ। ਇਸ ਮੌਕੇ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਪਹੁੰਚੀਆਂ ਸੰਗਤਾਂ ਨੂੰ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ ਗਈ ਹੈ।

ਐਡਵੋਕੇਟ ਧਾਮੀ ਨੇ ਦਿੱਤੀ ਪ੍ਰਕਾਸ਼ ਪੁਰਬ ਦੀ ਵਧਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਮਰਤਾ, ਨਿਸ਼ਕਾਮ ਸੇਵਾ, ਪ੍ਰੇਮਾ-ਭਗਤੀ, ਸਹਿਣਸ਼ੀਲਤਾ ਅਤੇ ਪਰਉਪਕਾਰ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਸਾਹਿਬ ਨੇ ਆਪਣਾ ਸਮੁੱਚਾ ਜੀਵਨ ਗੁਰੂ-ਭਗਤੀ, ਮਨੁੱਖਤਾ ਦੀ ਸੇਵਾ ਅਤੇ ਲੋਕਾਈ ਦੀ ਭਲਾਈ ਲਈ ਸਮਰਪਿਤ ਕੀਤਾ।

ਐਡਵੋਕੇਟ ਧਾਮੀ ਅਨੁਸਾਰ ਗੁਰੂ ਸਾਹਿਬ ਨੇ ਸਿੱਖੀ ਦੇ ਸਿਧਾਂਤਾਂ ਦੇ ਪ੍ਰਚਾਰ ਅਤੇ ਗੁਰਮਤਿ ਵਿਚਾਰਧਾਰਾ ਦੇ ਪਸਾਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਤੋਂ ਸੇਵਾ, ਸਿਮਰਨ, ਨਿਮਰਤਾ ਅਤੇ ਪਰਉਪਕਾਰ ਦੇ ਗੁਣ ਅਪਣਾਉਣ ਦੀ ਪ੍ਰੇਰਨਾ ਮਿਲਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version