ਯਮੁਨਾਨਗਰ : ਹਰਿਆਣਾ ਦੇ ਸਫਾਈ ਅਤੇ ਅੱਗ ਬੁਝਾਊ ਕਰਮਚਾਰੀਆਂ ਦੀ ਹੜਤਾਲ ਜਾਰੀ ਹੈ। ਇਸੇ ਦੌਰਾਨ ਯਮੁਨਾਨਗਰ ਵਿੱਚ ਇੰਡੀਅਨ ਨੈਸ਼ਨਲ ਲੋਕ ਦਲ ਦੇ ਕੌਮੀ ਜਨਰਲ ਸਕੱਤਰ ਪ੍ਰਕਾਸ਼ ਭਾਰਤੀ ਅਤੇ ਇਨੈਲੋ ਆਗੂ ਹਰੀਨਾਰਾਇਣ ਸ਼ਰਮਾ ਨੇ ਆਪਣੇ ਸਾਥੀਆਂ ਸਮੇਤ ਯਮੁਨਾਨਗਰ ਨਗਰ ਨਿਗਮ ਦਫ਼ਤਰ ਅੱਗੇ ਚੱਲ ਰਹੇ ਧਰਨੇ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਉਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦਿਆਂ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ। ਪ੍ਰਕਾਸ਼ ਭਾਰਤੀ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਲੋਕ ਦਲ ਦੇ ਕੌਮੀ ਪ੍ਰਧਾਨ ਅਭੈ ਚੌਟਾਲਾ ਨੇ ਮੁਲਾਜ਼ਮ ਹੜਤਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਇਨੈਲੋ ਨੇ ਹਮਾਇਤ ਦਾ ਐਲਾਨ ਕਰ ਦਿੱਤਾ ਹੈ, ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਜਲਦੀ ਨਾ ਮੰਨੀਆਂ ਤਾਂ ਇੰਡੀਅਨ ਨੈਸ਼ਨਲ ਲੋਕ ਦਲ ਪੂਰੇ ਹਰਿਆਣਾ ਵਿੱਚ ਮੁਲਾਜ਼ਮਾਂ ਦੇ ਸਮਰਥਨ ਵਿੱਚ ਰੋਸ ਪ੍ਰਦਰਸ਼ਨ ਕਰੇਗਾ।
10 ਮੁਲਾਜ਼ਮ ਆਗੂ ਮੁਅੱਤਲ; 14 ਠੇਕਾ ਕਾਮਿਆਂ ਨੂੰ ਨੌਕਰੀ ਤੋਂ ਕੱਢਿਆ
ਫਾਇਰ ਡਿਪਾਰਟਮੈਂਟ ਇੰਪਲਾਈਜ਼ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਗੁਲਸ਼ਨ ਭਾਰਦਵਾਜ ਨੇ ਦੱਸਿਆ ਕਿ ਸਰਕਾਰ ਨੇ ਬੀਤੀ ਰਾਤ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ, ਜਨਰਲ ਸਕੱਤਰ ਗੁਲਸ਼ਨ ਭਾਰਦਵਾਜ, ਕੈਸ਼ੀਅਰ ਸੁਖਦੇਵ ਸਿੰਘ ਸਮੇਤ 10 ਆਗੂਆਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਠੇਕੇ ’ਤੇ ਰੱਖੇ 14 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ ਕੀਤੇ ਹਨ।
ਸਰਕਾਰ ਦਾ ਅਲਟੀਮੇਟਮ, 3 ਸਤੰਬਰ ਤੱਕ ਡਿਊਟੀ ਨਾ ਨਿਭਾਈ ਤਾਂ ਸੇਵਾਵਾਂ ਕਰ ਦਿੱਤੀਆਂ ਜਾਣਗੀਆਂ ਬੰਦ
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੇਤਾਵਨੀ ਪੱਤਰ ਵੀ ਜਾਰੀ ਕੀਤਾ ਗਿਆ ਹੈ ਕਿ ਜੇਕਰ ਕਰਮਚਾਰੀ 3 ਸਤੰਬਰ ਨੂੰ ਸਵੇਰੇ 9 ਵਜੇ ਤੱਕ ਡਿਊਟੀ ‘ਤੇ ਹਾਜ਼ਰ ਨਾ ਹੋਏ ਤਾਂ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਜਾਣਗੀਆਂ। ਗੁਲਸ਼ਨ ਭਾਰਦਵਾਜ ਨੇ ਕਿਹਾ ਕਿ ਮਜ਼ਦੂਰ ਇਨ੍ਹਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਜਦੋਂ ਤੱਕ ਸਰਕਾਰ 13 ਮਈ ਦੇ ਸਮਝੌਤੇ ਨੂੰ ਲਾਗੂ ਨਹੀਂ ਕਰਦੀ ਅਤੇ ਕੱਚੇ ਕਾਮਿਆਂ ਨੂੰ ਭਰੋਸਾ ਨਹੀਂ ਦਿੰਦੀ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਨੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ।
ਮੁਲਾਜ਼ਮਾਂ ਦਾ ਅੰਦੋਲਨ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ, ਵੱਖ-ਵੱਖ ਸਿਆਸੀ ਪਾਰਟੀਆਂ ਨੇ ਵੀ ਇਨ੍ਹਾਂ ਸਫ਼ਾਈ ਕਰਮਚਾਰੀਆਂ ਅਤੇ ਫਾਇਰ ਫਾਈਟਰਾਂ ਦੀ ਹੜਤਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਹੁਣ ਇੰਡੀਅਨ ਨੈਸ਼ਨਲ ਲੋਕ ਦਲ ਨੇ ਇੱਕ ਕਦਮ ਹੋਰ ਅੱਗੇ ਵਧਦਿਆਂ ਪੂਰੇ ਹਰਿਆਣਾ ਵਿੱਚ ਉਸ ਦੇ ਸਮਰਥਨ ਵਿੱਚ ਅੰਦੋਲਨ ਦੀ ਚੇਤਾਵਨੀ ਦਿੱਤੀ ਹੈ।
