ਤਰਨਤਾਰਨ : ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਅਤੇ ਬੀ.ਐੱਸ.ਐੱਫ. ਪੁਲਿਸ ਵੱਲੋਂ ਚਲਾਈ ਗਈ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਸਰਹੱਦੀ ਖੇਤਰ ਤੋਂ 12 ਕਿਲੋ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹੈਰੋਇਨ ਦੀ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਪਹੁੰਚਾਈ ਗਈ ਸੀ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 60 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਪੁਲਿਸ ਨੇ ਇਸ ਸਬੰਧ ‘ਚ ਅਣਪਛਾਤੇ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਚਹਿਲ ਵਿੱਚ ਮਨਜਿੰਦਰ ਸਿੰਘ ਦੇ ਖੇਤਾਂ ਵਿੱਚ ਵੱਡੀ ਗਿਣਤੀ ਵਿੱਚ ਸ਼ੱਕੀ ਪੈਕਟ ਪਏ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਅਤੇ ਬੀ.ਐੱਸ.ਐੱਫ. ਦੀ 115ਵੀਂ ਬਟਾਲੀਅਨ ਦੇ ਜਵਾਨਾਂ ਨੇ ਸਾਂਝੇ ਤੌਰ ‘ਤੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਖੇਤਾਂ ਵਿੱਚੋਂ ਕੁੱਲ 24 ਪੈਕਟ ਬਰਾਮਦ ਕੀਤੇ ਗਏ। ਜਾਂਚ ਕਰਨ ‘ਤੇ ਇਨ੍ਹਾਂ ਪੈਕਟਾਂ ‘ਚੋਂ ਕੁੱਲ 12 ਕਿਲੋ 70 ਗ੍ਰਾਮ ਹੈਰੋਇਨ ਬਰਾਮਦ ਹੋਈ।












