ਅਲੀਗੜ੍ਹ: ਇੱਥੋਂ ਦੇ ਪੁਰਾਣੇ ਸ਼ਹਿਰ ਦੇ ਕੋਤਵਾਲੀ ਇਲਾਕੇ ਵਿੱਚ ਕਥਿਤ ਤੌਰ ’ਤੇ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਇੱਕ ਬੰਗਲਾਦੇਸ਼ੀ ਪਰਿਵਾਰ ਦੇ 12 ਮੈਂਬਰਾਂ ਨੂੰ ਦੇਸ਼ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਨੇ ਵੀਰਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਬੁੱਧਵਾਰ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਪੁਲਿਸ ਸੁਪਰਡੈਂਟ (ਸਿਟੀ) ਆਦਿਤਿਆ ਬਾਂਸਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਰੁੱਧ ਭਾਰਤੀ ਨਿਆਂ ਸੰਹਿਤਾ (BNS) ਅਤੇ ਵਿਦੇਸ਼ੀ ਐਕਟ, 2025 ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੈਨ ਕਾਰਡ ਅਤੇ ਆਧਾਰ ਕਾਰਡ ਸਮੇਤ ਕਈ ਜਾਅਲੀ ਪਛਾਣ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਹਨ। ਬਾਂਸਲ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।
