ਕਾਕੀਨਾਡਾ: ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਜ਼ਬਰਦਸਤ ਧਮਾਕੇ ਅਤੇ ਅੱਗ ਲੱਗਣ ਨਾਲ 18 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਹਾਦਸੇ ਵਿੱਚ ਕਈ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਟਾਕਾ ਫੈਕਟਰੀ ਵਿੱਚ ਅਚਾਨਕ ਧਮਾਕਾ ਹੋਇਆ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਖ਼ਬਰ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਕੜੀ ਮਿਹਨਤ ਤੋਂ ਬਾਅਦ ਅੱਗ ਤੇ ਕਾਬੂ ਪਿਆ। ਮਰਨ ਵਾਲਿਆਂ ਵਿੱਚ ਜ਼ਿਆਦਾਤਰ ਫੈਕਟਰੀ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਦੱਸੇ ਜਾ ਰਹੇ ਹਨ।
ਜਾਂਚ ਦੇ ਆਦੇਸ਼
ਇਹ ਹਾਦਸਾ ਅੱਜ ਦੁਪਹਿਰ ਨੂੰ ਕਾਕੀਨਾਡਾ ਜ਼ਿਲ੍ਹੇ ਦੇ ਸਮਰਲਾਕੋਟਾ ਮੰਡਲ ਵਿੱਚ ਵੇੱਟਲਾਪਲੇਮ-ਜੀ. ਮੇਦੁਪਾਡੂ ਦੇ ਵਿਚਕਾਰ ਸਥਿਤ ਇੱਕ ਪਟਾਕਿਆਂ ਦੀ ਫੈਕਟਰੀ ਵਿੱਚ ਵਾਪਰਿਆ। ਧਮਾਕਾ ਇੰਨਾ ਜਬਰਦਸਤ ਸੀ ਕਿ ਮਜ਼ਦੂਰਾਂ ਦੀਆਂ ਲਾਸ਼ਾਂ ਸੈਂਕੜੇ ਫੁੱਟ ਖੇਤਾਂ ਵਿੱਚ ਜਾ ਡਿੱਗੀਆਂ। ਇਹ ਫੈਕਟਰੀ ਪੇਡਾਪੁਡੀ ਰੋਡ ‘ਤੇ ਰਹਿਣ ਵਾਲੇ ਅਡਾਪਾ ਨਾਨੀ ਦੇ ਪਰਿਵਾਰ ਦੀ ਦੱਸੀ ਜਾ ਰਹੀ ਹੈ। ਧਮਾਕੇ ਤੋਂ ਬਾਅਦ ਇਲਾਕੇ ਵਿੱਚ ਸੰਘਣਾ ਧੂੰਆਂ ਫੈਲ ਗਿਆ।
ਇਸ ਭਿਆਨਕ ਧਮਾਕੇ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਸਮੇਂ ਫੈਕਟਰੀ ਵਿੱਚ ਲਗਭਗ 30 ਲੋਕ ਕੰਮ ਕਰ ਰਹੇ ਸਨ। ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਕਾਰਨ ਦਾ ਪਤਾ ਲਗਾਉਣ ਲਈ ਜਾਂਚ ਦੇ ਆਦੇਸ਼ ਦਿੱਤੇ। ਇਸ ਘਟਨਾ ਤੋਂ ਬਾਅਦ ਪੂਰਾ ਜ਼ਿਲ੍ਹਾ ਸੋਗ ਵਿੱਚ ਡੁੱਬਿਆ ਹੋਇਆ ਹੈ। ਉਮੀਦ ਹੈ ਕਿ ਸਰਕਾਰ ਜਲਦੀ ਹੀ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕਰੇਗੀ।
ਮ੍ਰਿਤਕਾਂ ਵਿੱਚੋਂ ਜ਼ਿਆਦਾਤਰ ਔਰਤਾਂ
ਜਾਣਕਾਰੀ ਦੇ ਅਨੁਸਾਰ, ਮ੍ਰਿਤਕਾਂ ਵਿੱਚੋਂ ਜ਼ਿਆਦਾਤਰ ਔਰਤਾਂ ਸਨ। ਧਮਾਕੇ ਸਮੇਂ ਫੈਕਟਰੀ ਵਿੱਚ 30 ਤੋਂ ਵੱਧ ਮਜ਼ਦੂਰ ਕੰਮ ਕਰ ਰਹੇ ਸਨ। ਫੈਕਟਰੀ ਵਿੱਚ ਵੱਡੀ ਮਾਤਰਾ ਵਿੱਚ ਵਿਸਫੋਟਕ ਸਮੱਗਰੀ ਮੌਜੂਦ ਹੋਣ ਕਾਰਨ ਅੱਗ ਅਜੇ ਵੀ ਭਿਆਨਕ ਰੂਪ ਧਾਰਨ ਕਰ ਰਹੀ ਹੈ। ਵਾਰ-ਵਾਰ ਹੋਣ ਵਾਲੇ ਛੋਟੇ-ਛੋਟੇ ਧਮਾਕੇ ਬਚਾਅ ਕਾਰਜਾਂ ਵਿੱਚ ਰੁਕਾਵਟ ਪਾ ਰਹੇ ਹਨ। ਹਾਦਸੇ ਵਿੱਚ ਪੰਜ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਖਦਸ਼ਾ ਹੈ ਕਿ ਕੁਝ ਲੋਕ ਅਜੇ ਵੀ ਮਲਬੇ ਹੇਠ ਫਸੇ ਹੋ ਸਕਦੇ ਹਨ।
ਸ਼ੁਰੂਆਤੀ ਜਾਂਚ ਵਿੱਚ ਸ਼ੱਕ ਹੈ ਕਿ ਫੈਕਟਰੀ ਵਿੱਚ ਨਿਰਧਾਰਤ ਸੀਮਾ ਤੋਂ ਵੱਧ ਵਿਸਫੋਟਕਾਂ ਦੀ ਵਰਤੋਂ ਕਰਕੇ ਪਟਾਕੇ ਬਣਾਏ ਜਾ ਰਹੇ ਸਨ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ਬੁਝਾਉਣ ਲਈ ਸਖ਼ਤ ਮਿਹਨਤ ਕਰ ਰਹੀਆਂ ਹਨ। ਧਮਾਕਿਆਂ ਦੀ ਲਗਾਤਾਰ ਆਵਾਜ਼ ਨੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।











