ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ, ਜਿੱਥੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ (MLA Parkash Singh Bhatti) ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੇ ਦਿਨ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦਾ ਸ਼੍ਰੋਮਣੀ ਅਕਾਲੀ ਦਲ ਤੋਂ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ‘ਤੇ ਨਿੱਘਾ ਸਵਾਗਤ ਕੀਤਾ।
https://x.com/RajaBrar_INC/status/1829876555121569840
ਦੱਸ ਦੇਈਏ ਕਿ ਬੱਲੂਆਣਾ ਤੋਂ 2002 ‘ਚ ਕਾਂਗਰਸ ਦੀ ਟਿਕਟ ‘ਤੇ ਜਿੱਤੇ ਭੱਟੀ ਕੁਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਦੀ ਮੌਜੂਦਗੀ ‘ਚ ਪਾਰਟੀ ‘ਚ ਸ਼ਾਮਲ ਹੋਏ ਸਨ। ਬੀਤੇ ਦਿਨ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਰਾਜਾ ਵੜਿੰਗ ਨੇ ਕਿਹਾ ਕਿ ਭੱਟੀ ਨੇ ਪੰਜਾਬ ਦੀ ਬਿਹਤਰੀ ਲਈ ਲਗਾਤਾਰ ਕੰਮ ਕੀਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭੱਟੀ ਬਹੁਤ ਹੀ ਮਿਹਨਤੀ ਆਗੂ ਹਨ ਜਿਨ੍ਹਾਂ ਨੇ ਹਮੇਸ਼ਾ ਹੀ ਪੂਰੀ ਤਨਦੇਹੀ ਨਾਲ ਆਪਣੇ ਹਲਕਿਆਂ ਦੀ ਨੁਮਾਇੰਦਗੀ ਕੀਤੀ ਹੈ। ਪੰਜਾਬ ਦੇ ਲੋਕਾਂ ਲਈ ਉਨ੍ਹਾਂ ਦੇ ਲਗਾਤਾਰ ਯਤਨ ਸ਼ਲਾਘਾਯੋਗ ਹਨ। ਇਸ ਮੌਕੇ ਪ੍ਰਕਾਸ਼ ਸਿੰਘ ਭੱਟੀ ਨੇ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਬੈਨਰ ਹੇਠ ਇਕ ਵਾਰ ਫਿਰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਇਸ ਮੌਕੇ ਲਈ ਧੰਨਵਾਦੀ ਹਨ।
ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਭੱਟੀ ਦੀ ਪਾਰਟੀ ਵਿੱਚ ਵਾਪਸੀ ਨਾਲ ਕਾਂਗਰਸ ਮਜ਼ਬੂਤ ਹੋਵੇਗੀ। ਉਨ੍ਹਾਂ ਨੂੰ ਜਲਦੀ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਅਹਿਮ ਕੰਮ ਸੌਂਪਿਆ ਜਾਵੇਗਾ। ਪ੍ਰਕਾਸ਼ ਸਿੰਘ ਭੱਟੀ ਫਰੀਦਕੋਟ ਇੰਪਰੂਵਮੈਂਟ ਟਰੱਸਟ (2002-07) ਦੇ ਸਾਬਕਾ ਚੇਅਰਮੈਨ ਅਤੇ ਐੱਸ.ਸੀ. ਕਾਰਪੋਰੇਸ਼ਨ ਪੰਜਾਬ (2013-16) ਦੇ ਸਾਬਕਾ ਚੇਅਰਮੈਨ ਵੀ ਹਨ।
ਪ੍ਰੈੱਸ ਕਾਨਫਰੰਸ ਵਿੱਚ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਵੀ ਸ਼ਿਰਕਤ ਕੀਤੀ ਅਤੇ ਪ੍ਰਕਾਸ਼ ਸਿੰਘ ਭੱਟੀ ਦਾ ਸਵਾਗਤ ਕੀਤਾ। ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਬਾਰੇ ਪੁੱਛੇ ਜਾਣ ‘ਤੇ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਨਫ਼ਰਤ ਫੈਲਾ ਰਹੀ ਹੈ।