ਕੋਟਕਪੂਰਾ : ਕੋਟਕਪੂਰਾ (Kotakpura) ਵਿੱਚ ਇੱਕ ਘਰ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਰ ਦੀ ਮਾਲਕਣ ਨੇ ਘਰ ਦੇ ਚੁੱਲ੍ਹੇ ਵਿੱਚ ਹੀ ਗੁਟਕਾ ਸਾਹਿਬ ਨੂੰ ਅਗਨ ਭੇਟ ਕੀਤਾ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਹਰਕਤ ‘ਚ ਆਉਂਦਿਆਂ ਅਮਨਦੀਪ ਕੌਰ ਨਾਮੀ ਔਰਤ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਤੁਰੰਤ ਜਤਿੰਦਰ ਸਿੰਘ ਡੀ.ਐਸ.ਪੀ. ਕੋਟਕਪੂਰਾ ਅਤੇ ਇੰਸਪੈਕਟਰ ਮਨੋਜ ਸ਼ਰਮਾ ਐਸ.ਐਚ.ਓ. ਧਾਰਮਿਕ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ‘ਚ ਮੌਕੇ ‘ਤੇ ਪਹੁੰਚ ਕੇ ਆਗੂਆਂ ਦੀ ਹਾਜ਼ਰੀ ‘ਚ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਕੇ ਸਤਿਕਾਰ ਸਹਿਤ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ ਅਤੇ ਉਥੋਂ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੀ ਔਰਤ ਨੂੰ ਗਿ੍ਫ਼ਤਾਰ ਕਰਕੇ ਉਸ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ।
ਇਸ ਪੂਰੇ ਮਾਮਲੇ ‘ਚ ਮੌਕੇ ‘ਤੇ ਪਹੁੰਚੇ ਬਹਿਬਲ ਇਨਸਾਫ਼ ਮੋਰਚਾ ਦੇ ਆਗੂਆਂ ਸੁਖਰਾਜ ਸਿੰਘ ਅਤੇ ਬਾਬਾ ਗਰੀਬ ਦਾਸ ਨੇ ਪੁਲਿਸ ਦੀ ਕਾਰਵਾਈ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਲੋਕ ਨੂੰ ਸਮਝ ਨਾ ਹੋਣ ਕਾਰਨ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰ ਰਹੇ ਹਨ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਉਨ੍ਹਾਂ ਦਾ ਸਤਿਕਾਰ ਨਹੀਂ ਕਰ ਸਕਦੇ ਤਾਂ ਉਹ ਆਪਣੇ ਘਰਾਂ ਵਿੱਚ ਧਾਰਮਿਕ ਗ੍ਰੰਥਾਂ ਨੂੰ ਨਾ ਲੈ ਕੇ ਆਉਣ।
ਇਸ ਮਾਮਲੇ ਵਿੱਚ ਜ਼ਿਲ੍ਹੇ ਦੇ ਐਸ.ਪੀ. ਜਸਮੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।