ਲੁਧਿਆਣਾ : ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. (Power Minister Harbhajan Singh ETO) ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਡਾਇਰੈਕਟਰ (Director of Punjab State Power Corporation) ਡੀ.ਪੀ.ਐਸ. ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਾਵਰਕਾਮ ਵਿਭਾਗ ਦੇ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਦੀ ਅਗਵਾਈ ‘ਚ ਗਠਿਤ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਭਾਰੀ ਬਾਰਿਸ਼ ਦੀ ਪਰਵਾਹ ਕੀਤੇ ਬਿਨਾਂ ਸੜਕਾਂ ‘ਤੇ ਉਤਰ ਗਈਆਂ ਅਤੇ ਡਿਫਾਲਟਰਾਂ ਵਿਰੁੱਧ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਪਾਵਰਕਾਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਾਰਵਾਈ ਕਰਦਿਆਂ ਬਿਜਲੀ ਵਿਭਾਗ ਦੇ ਕਰੀਬ 1000 ਡਿਫਾਲਟਰਾਂ ਨੂੰ ਘੇਰ ਲਿਆ ਹੈ। ਇਸ ਸਬੰਧੀ ਵਿਭਾਗੀ ਅਧਿਕਾਰੀਆਂ ਨੇ ਵੱਡੀ ਕਾਰਵਾਈ ਕਰਦਿਆਂ 603 ਬਿਜਲੀ ਖਪਤਕਾਰਾਂ ਦੇ ਕੁਨੈਕਸ਼ਨ ਕੱਟ ਦਿੱਤੇ ਹਨ ਜਦਕਿ 400 ਤੋਂ ਵੱਧ ਡਿਫਾਲਟਰਾਂ ਤੋਂ 5 ਕਰੋੜ ਰੁਪਏ ਦੇ ਬਿਜਲੀ ਬਕਾਇਆ ਦੀ ਵਸੂਲੀ ਕੀਤੀ ਗਈ ਜੋ ਕਿ ਆਪਣੇ ਆਪ ਵਿੱਚ ਵੱਡੀ ਪ੍ਰਾਪਤੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਾਵਰਕਾਮ ਵਿਭਾਗ ਦੇ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਦੱਸਿਆ ਹੈ ਕਿ ਭਾਰੀ ਬਾਰਿਸ਼ ਦੀ ਪ੍ਰਵਾਹ ਨਾ ਕਰਦੇ ਹੋਏ 500 ਤੋਂ ਵੱਧ ਅਧਿਕਾਰੀ ਤੇ ਕਰਮਚਾਰੀ ਸੜਕਾਂ ‘ਤੇ ਉਤਰ ਆਏ ਅਤੇ ਬਿਜਲੀ ਵਿਭਾਗ ਦੇ ਡਿਫਾਲਟਰਾਂ ਖਿਲਾਫ਼ ਸ਼ਿਕੰਜਾ ਕੱਸ ਦਿੱਤਾ। ਹਾਂਸ ਨੇ ਦੱਸਿਆ ਕਿ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ 603 ਡਿਫਾਲਟਰ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇੱਕ ਅੰਦਾਜ਼ੇ ਅਨੁਸਾਰ ਉਕਤ ਖਪਤਕਾਰਾਂ ਤੋਂ ਕਰੀਬ 10 ਕਰੋੜ ਰੁਪਏ ਦੀ ਭਾਰੀ ਵਸੂਲੀ ਹੋਣ ਦੀ ਸੰਭਾਵਨਾ ਹੈ।
ਮੁੱਖ ਇੰਜਨੀਅਰ ਨੇ ਕਿਹਾ ਕਿ ਡਿਫਾਲਟਰ ਖਪਤਕਾਰ ਜਿਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ, ਬਿਜਲੀ ਦੀਆਂ ਤਾਰਾਂ ‘ਤੇ ਸਿੱਧੀ ਕੁੰਡੀ ਲਗਾਉਂਦੇ ਹਨ ਤਾਂ ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਦੇ ਨਾਲ-ਨਾਲ ਐਫ.ਆਈ.ਆਰ. ਕੇਸ ਦਰਜ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।