Home ਪੰਜਾਬ ਪੰਜਾਬ ਵਿਜੀਲੈਂਸ ਬਿਊਰੋ ਨੇ ASI ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ...

ਪੰਜਾਬ ਵਿਜੀਲੈਂਸ ਬਿਊਰੋ ਨੇ ASI ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

0

ਜਲੰਧਰ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੇ ਦਿਨ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਮਲਕੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਵਸਨੀਕ ਮਨਦੀਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਿਰੁੱਧ ਸਿੰਚਾਈ ਵਿਭਾਗ ਵੱਲੋਂ ਨਹਿਰੀ ਪਾਣੀ ਦੂਸ਼ਿਤ ਕਰਨ ਦੇ ਦੋਸ਼ ਹੇਠ ਉਕਤ ਪੁਲਿਸ ਚੌਕੀ ਵਿੱਚ ਪਰਚਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਉਕਤ ਏ.ਐੱਸ.ਆਈ. ਨੇ ਇਸ ਸਬੰਧੀ ਉਸ ਨੇ ਆਪਣੇ ਹੱਕ ਵਿੱਚ ਰਿਪੋਰਟ ਪੇਸ਼ ਕਰਨ ਦੇ ਬਦਲੇ 5 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਉਸ ਨੇ ਰਿਸ਼ਵਤ ਦੀ ਮੰਗ ਸਬੰਧੀ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ, ਜਿਸ ਨੂੰ ਉਸ ਨੇ ਵਿਜੀਲੈਂਸ ਦੇ ਹਵਾਲੇ ਕਰ ਦਿੱਤਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Exit mobile version