ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਦੇਸ਼ ਦੀ ਸਿਖਰਲੀ ਅਦਾਲਤ ਨੇ ਉਨ੍ਹਾਂ ਨੂੰ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਅੱਜ ਯਾਨੀ ਸ਼ੁੱਕਰਵਾਰ ਨੂੰ ਫ਼ੈਸਲੇ ਦੀ ਤਰੀਕ ਤੈਅ ਕੀਤੀ ਸੀ। ਅੱਜ ਸੁਪਰੀਮ ਕੋਰਟ ਨੇ 177 ਦਿਨਾਂ ਦੀ ਹਿਰਾਸਤ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਇਸ ਤੋਂ ਬਾਅਦ ਸੀ.ਬੀ.ਆਈ. ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਸੀ.ਬੀ.ਆਈ. ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਹਿਲਾਂ ਹੇਠਲੀ ਅਦਾਲਤ ਵਿੱਚ ਅਪੀਲ ਕੀਤੀ ਗਈ ਸੀ। ਪਰ ਕੋਈ ਰਾਹਤ ਨਾ ਮਿਲਣ ‘ਤੇ ਕੇਜਰੀਵਾਲ ਦੇ ਵਕੀਲ ਮਾਮਲੇ ਨੂੰ ਸੁਪਰੀਮ ਕੋਰਟ ਲੈ ਗਏ। ਜਿਸ ‘ਤੇ ਸੁਪਰੀਮ ਕੋਰਟ ਨੇ ਅੱਜ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਮਾਮਲੇ ਦੀ ਸੁਣਵਾਈ ਕਰ ਰਹੇ ਦੋਵਾਂ ਜੱਜਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 10-10 ਲੱਖ ਰੁਪਏ ਦੇ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਈ.ਡੀ ਨੇ ਵੀ ਇਸੇ ਮਾਮਲੇ ਵਿੱਚ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਸੀ।
ਸੁਪਰੀਮ ਕੋਰਟ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਸੀ.ਬੀ.ਆਈ. ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਰੱਖਣਾ ਕਾਨੂੰਨ ਦਾ ਮਜ਼ਾਕ ਉਡਾਉਣ ਵਾਂਗ ਹੈ। ਸੁਪਰੀਮ ਕੋਰਟ ਨੇ ਕੇਂਦਰੀ ਏਜੰਸੀ ਨੂੰ ਵੀ ਫਟਕਾਰ ਲਗਾਈ ਹੈ ਕਿ ਗ੍ਰਿਫ਼ਤਾਰੀ ਦੀ ਸ਼ਕਤੀ ਦੀ ਵਰਤੋਂ ਜਲਦਬਾਜ਼ੀ ਵਿੱਚ ਨਾ ਕੀਤੀ ਜਾਵੇ ਸਗੋਂ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ ਕੀਤੀ ਜਾਵੇ।
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ 21 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਮਾਮਲੇ ਵਿੱਚ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਪਰ ਸੀ.ਬੀ.ਆਈ. ਨੇ ਉਨ੍ਹਾਂ ਨੂੰ ਬਾਹਰ ਨਹੀਂ ਆਉਣ ਦਿੱਤਾ ਅਤੇ ਉਸੇ ਮਾਮਲੇ ਵਿੱਚ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।