ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਦਫਤਰ ਦੇ ਬਾਹਰ ਜਸ਼ਨ ਮਨਾਏ ਜਾ ਰਹੇ ਹਨ। ‘ਆਪ’ ਦੇ ਕਈ ਨੇਤਾਵਾਂ ਅਤੇ ਵਰਕਰਾਂ ਨੇ ਪਾਰਟੀ ਹੈੱਡਕੁਆਰਟਰ ਦੇ ਬਾਹਰ ਇਕੱਠੇ ਹੋ ਕੇ ਪਾਰਟੀ ਸੁਪਰੀਮੋ ਦੀ ਰਿਹਾਈ ਦਾ ਜਸ਼ਨ ਮਨਾਉਣ ਲਈ ਮਠਿਆਈਆਂ ਵੰਡੀਆਂ ਅਤੇ ਪਟਾਕੇ ਚਲਾਏ। ਅਰਵਿੰਦ ਕਾਜਰੀਵਾਲ ਨੂੰ ਸ਼ਾਮ ਕਰੀਬ 6.30 ਵਜੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ।
ਇਸ ਤੋਂ ਪਹਿਲਾਂ ਕੇਜਰੀਵਾਲ ਦੀ ਰਿਹਾਈ ਦਾ ਹੁਕਮ ਤਿਹਾੜ ਜੇਲ੍ਹ ਪਹੁੰਚ ਗਿਆ ਸੀ। ਕੇਜਰੀਵਾਲ ਦਾ ਸਵਾਗਤ ਕਰਨ ਲਈ ਮਨੀਸ਼ ਸਿਸੋਦੀਆ, ਸੰਜੇ ਸਿੰਘ, ਆਤਿਸ਼ੀ, ਸੌਰਭ ਭਾਰਦਵਾਜ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਸਨ। ਕੇਜਰੀਵਾਲ ਦੇ ਬਾਹਰ ਨਿਕਲਦੇ ਹੀ ‘ਆਪ’ ਵਰਕਰਾਂ ਨੇ ਕੇਜਰੀਵਾਲ ਜ਼ਿੰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ।
ਇਸ ਦੌਰਾਨ ਮੁੱਖ ਮੰਤਰੀ ਨਿਵਾਸ ਦੇ ਬਾਹਰ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਮਠਿਆਈਆਂ ਵੰਡੀਆਂ। ਇਸ ਦੇ ਨਾਲ ਹੀ ‘ਆਪ’ ਸਮਰਥਕਾਂ ਨੇ ‘ਆਓ ਭਾਈ, ਆਇਆ ਕੇਜਰੀਵਾਲ ਆ ਗਿਆ’ ਅਤੇ ‘ਜੇਲ੍ਹ ਦੇ ਤਾਲੇ ਟੁੱਟੇ, ਕੇਜਰੀਵਾਲ ਆਜ਼ਾਦ’ ਦੇ ਨਾਅਰੇ ਲਾਏ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਆਤਿਸ਼ੀ, ਸੰਜੇ ਸਿੰਘ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਵੀ ਮੌਜੂਦ ਸਨ। ਸੁਨੀਤਾ ਕੇਜਰੀਵਾਲ ਨੇ ਪੱਤਰਕਾਰਾਂ ਨੂੰ ਕਿਹਾ, ‘ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਇਹ ਸਾਜ਼ਿਸ਼ ਵੀ ਨਾਕਾਮ ਹੋ ਗਈ ਹੈ। ਉਹ ਸੱਤਾ ਵਿਚ ਬਣੇ ਰਹਿਣ ਲਈ ਵਿਰੋਧੀ ਨੇਤਾਵਾਂ ਨੂੰ ਜੇਲ੍ਹ ਵਿਚ ਬੰਦ ਕਰਨਾ ਚਾਹੁੰਦੇ ਸਨ।
ਇਹ ਫ਼ੈਸਲਾ ਲੋਕ ਸਭਾ ਚੋਣ ਨਤੀਜਿਆਂ ਤੋਂ ਪਹਿਲਾਂ 2 ਜੂਨ ਨੂੰ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਆਤਮ ਸਮਰਪਣ ਕਰਨ ਦੇ ਤਿੰਨ ਮਹੀਨੇ ਬਾਅਦ ਆਇਆ ਹੈ। ‘ਆਪ’ ਹੈੱਡਕੁਆਰਟਰ ਦੇ ਬਾਹਰ ਪਾਰਟੀ ਵਰਕਰ ਢੋਲ ਦੀ ਤਾਣ ‘ਤੇ ਨੱਚਦੇ ਨਜ਼ਰ ਆਏ। ਸਮਾਗਮ ਵਿੱਚ ਸ਼ਾਮਲ ਹੋਣ ਲਈ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਵੀ ਇੱਥੇ ਪੁੱਜੇ। ਇਸ ਮੌਕੇ ‘ਤੇ ਮੌਜੂਦ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਇਹ ‘ਸਾਡੀ ਪਾਰਟੀ ਦੀ ਵੱਡੀ ਜਿੱਤ ਅਤੇ ਤਾਨਾਸ਼ਾਹੀ ਦੀ ਹਾਰ’ ਹੈ। ਮਨੀਸ਼ ਸਿਸੋਦੀਆ ਦੇ ਘਰ ਦੇ ਬਾਹਰ ਵੀ ਮਠਿਆਈਆਂ ਵੰਡੀਆਂ ਗਈਆਂ।
ਈ.ਡੀ ਨੇ 21 ਮਾਰਚ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਸੁਪਰੀਮ ਕੋਰਟ ਨੇ 10 ਮਈ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ 21 ਦਿਨਾਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਹਾਲਾਂਕਿ, ਕੇਂਦਰੀ ਜਾਂਚ ਬਿਊਰੋ (CBI) ਨੇ 26 ਜੂਨ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ, ਜਦੋਂ ਉਹ ਨਿਆਂਇਕ ਹਿਰਾਸਤ ਅਧੀਨ ਤਿਹਾੜ ਜੇਲ੍ਹ ਵਿੱਚ ਸਨ।