ਜਲੰਧਰ: ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ (Dhillon Brothers Manavjit and Jashnbir) ਦੀ ਖੁਦਕੁਸ਼ੀ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ (The Punjab and Haryana High Court) ਨੇ ਸਖਤ ਟਿੱਪਣੀ ਕੀਤੀ ਹੈ। ਪਟੀਸ਼ਨਕਰਤਾ ਨੇ ਅਦਾਲਤ ‘ਚ ਐਸ.ਆਈ.ਟੀ. ਦੀ ਜਾਂਚ ‘ਤੇ ਸਵਾਲ ਉਠਾਏ ਸਨ। ਜਿਸ ‘ਤੇ ਅਦਾਲਤ ਨੇ ਮਾਮਲੇ ਦੀ ਸਮੁੱਚੀ ਜਾਂਚ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਦੇ ਨਾਲ ਹੀ ਹਾਈ ਕੋਰਟ ਨੇ ਜਾਂਚ ਕਰ ਰਹੀ ਐਸਆਈਟੀ ਨੂੰ 31 ਦਸੰਬਰ ਤੱਕ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਇਹ ਮਾਮਲਾ 16 ਅਗਸਤ 2021 ਦਾ ਹੈ। ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 1 ਵਿੱਚ ਕਿਸੇ ਪਰਿਵਾਰਕ ਝਗੜੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਮਾਨਵਜੀਤ ਅਤੇ ਜਸ਼ਨਬੀਰ ਇੱਕ ਲੜਕੀ ਪਰਮਿੰਦਰ ਕੌਰ ਦੀ ਤਰਫੋਂ ਥਾਣੇ ਗਏ ਸਨ। ਇਸ ਦੌਰਾਨ ਪੁਲਿਸ ਨੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਥਾਣੇ ਤੋਂ ਬਾਹਰ ਕੱਢ ਦਿੱਤਾ ਸੀ। ਕੁਝ ਸਮੇਂ ਬਾਅਦ ਪੁਲਿਸ ਮੁਲਾਜ਼ਮ ਭੇਜ ਕੇ ਮਾਨਵਜੀਤ ਨੂੰ ਅੰਦਰ ਬੁਲਾਇਆ ਗਿਆ। ਇਸ ਦੌਰਾਨ ਮਾਨਵਜੀਤ ਦੇ ਉੱਚੀ-ਉੱਚੀ ਚੀਕਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਇਸ ਮਗਰੋਂ ਕੁੱਝ ਸਮੇਂ ਬਾਅਦ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਨੇ ਖ਼ੁਦਕੁਸ਼ੀ ਕਰ ਲਈ ਸੀ।