ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਹੈ। ਦਰਅਸਲ, ਪੰਜਾਬ ਸਰਕਾਰ ਨੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ।
ਇਹ ਨੋਡਲ ਅਫਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਲਗਾਤਾਰ ਨਿਗਰਾਨੀ ਕਰਨਗੇ, ਖਾਸ ਤੌਰ ‘ਤੇ ਉਨ੍ਹਾਂ ਖੇਤਰਾਂ ਤੋਂ ਜਿੱਥੇ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 79 ਐਸ.ਡੀ.ਐਮਜ਼, 108 ਤਹਿਸੀਲਦਾਰ, 108 ਡੀ.ਐਸ.ਪੀਜ਼, 1140 ਕਲੱਸਟਰ ਅਫ਼ਸਰ ਅਤੇ ਹੋਰ ਕਰਮਚਾਰੀ ਡਿਊਟੀ ‘ਤੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੋਡਲ ਅਫਸਰਾਂ ਨੂੰ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ।