ਚੰਡੀਗੜ੍ਹ : ਪੰਜਾਬ ਸਰਕਾਰ ਦੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਭਾਰੀ ਪ੍ਰਸਿੱਧੀ ਹਾਸਲ ਕੀਤੀ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਬੀਤੇ ਦਿਨ ਦੱਸਿਆ ਕਿ ਪੰਜਾਬ ਸਰਕਾਰ ਨੇ ਨਵੰਬਰ 2022 ਵਿੱਚ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸਕੀਮ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਰਾਹੀਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਕਾਰੋਬਾਰੀ ਵਿਚਾਰਾਂ ‘ਤੇ ਕੰਮ ਕਰ ਰਹੇ 52,050 ਵਿਦਿਆਰਥੀਆਂ (ਜੋ ਹੁਣ 12ਵੀਂ ਜਮਾਤ ਵਿੱਚ ਹਨ) ਨੂੰ ਸੀਡ ਮਨੀ ਪ੍ਰਦਾਨ ਕਰਨ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ 10 ਕਰੋੜ 41 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ ਤਾਂ ਜੋ ਇਹ ਉੱਦਮੀ ਆਪਣਾ ਉੱਦਮੀ ਸਫ਼ਰ ਸ਼ੁਰੂ ਕਰ ਸਕਣ। 1 ਅਕਤੂਬਰ, 2024 ਤੱਕ, 46,910 ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ 9,38,20,000 ਰੁਪਏ ਦੀ ਸੀਡ ਮਨੀ ਜਮ੍ਹਾਂ ਹੋ ਚੁੱਕੀ ਹੈ ਅਤੇ ਇਹ ਪ੍ਰਕਿਰਿਆ ਅਜੇ ਵੀ ਜਾਰੀ ਹੈ।