Home ਪੰਜਾਬ ਵਿਜੀਲੈਂਸ ਬਿਊਰੋ ਨੇ ਫਾਇਰ ਅਫਸਰ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਫਾਇਰ ਅਫਸਰ ਨੂੰ ਰੰਗੇ ਹੱਥੀਂ ਕੀਤਾ ਕਾਬੂ

0

ਚੰਡੀਗੜ੍ਹ : ਸੂਬੇ ਵਿੱਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਬੀਤੇ ਦਿਨ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝੱਡਣ, ਤਹਿਸੀਲ ਸੁਨਾਮ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਨ੍ਹਾਂ ਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਇੱਕ ਪਲਾਟ ਖਰੀਦਿਆ ਸੀ। ਦੋਸ਼ੀ ਫਾਇਰ ਵਿਭਾਗ ਤੋਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (NOC) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤੈਅ ਹੋ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Exit mobile version