ਪੰਜਾਬ : ਦੇਸ਼ ਭਰ ‘ਚ ਜਿਥੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਪੰਜਾਬ ਦੇ ਫਗਵਾੜਾ ‘ਚ ਵੀ ਜ਼ਬਰਦਸਤ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਗਵਾੜਾ ਦੇ ਸ਼ਾਮ ਨਗਰ ‘ਚ ਸ਼ਿਵਪੁਰੀ ਨੇੜੇ ਇਕ ਘਰ ਦੀ ਛੱਤ ‘ਤੇ ਜ਼ੋਰਦਾਰ ਧਮਾਕਾ ਹੋਇਆ। ਇਸ ਦੌਰਾਨ ਧਮਾਕੇ ਦੀ ਆਵਾਜ਼ ਨਾਲ ਪੂਰਾ ਇਲਾਕਾ ਹਿੱਲ ਗਿਆ ਅਤੇ ਸਨਸਨੀ ਫੈਲ ਗਈ।
ਇਸ ਹਾਦਸੇ ਦੌਰਾਨ ਦੋ ਬੱਚੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਗਵਾੜਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਧਮਾਕਾ ਪਟਾਕਿਆਂ ‘ਚ ਵਰਤੇ ਜਾਣ ਵਾਲੇ ਪਦਾਰਥ ਕਾਰਨ ਹੋਇਆ ਹੈ। ਜ਼ਿਕਰਯੋਗ ਹੈ ਕਿ ਜ਼ਖਮੀਆਂ ਨੂੰ ਇਲਾਕਾ ਨਿਵਾਸੀਆਂ ਦੀ ਮਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਇਸ ਦੌਰਾਨ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਪਰ ਸੁਧਾਰ ਨਾ ਹੋਣ ਕਾਰਨ ਦੋਵਾਂ ਬੱਚਿਆਂ ਨੂੰ ਚੰਡੀਗੜ੍ਹ ਪੀ.ਜੀ.ਆਈ ਰੈਫਰ ਕਰ ਦਿੱਤਾ ਗਿਆ ਹੈ। ਦੋਵਾਂ ਬੱਚਿਆਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਇਸ ਸਬੰਧੀ ਗੱਲ ਕਰਦੇ ਹੋਏ ਥਾਣਾ ਸਿਟੀ ਫਗਵਾੜਾ ਦੇ ਐਸ.ਐਚ.ਓ ਅਮਨਦੀਪ ਨਾਹਰ ਦਾ ਕਹਿਣਾ ਹੈ ਕਿ ਧਮਾਕੇ ਦਾ ਵੇਰਵਾ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਲੋਹੇ ਦੀ ਰਾਡ ਨਾਲ ਚੱਲਣ ਵਾਲਾ ਬੰਬ ਅਤੇ ਪਟਾਕਿਆਂ ਵਿੱਚ ਵਰਤਿਆ ਜਾਣ ਵਾਲਾ ਸਾਮਾਨ ਬਰਾਮਦ ਕੀਤਾ ਹੈ, ਜਿਨ੍ਹਾਂ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ।