ਜਲੰਧਰ : ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਵਿਜੇ ਰੁਪਾਨੀ ਨੇ ਡੇਰਾ ਬਿਆਸ ਪਹੁੰਚ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਦਾ ਆਸ਼ੀਰਵਾਦ ਲਿਆ। ਵਿਜੇ ਰੂਪਾਨੀ ਨੇ ਹਾਲ ਹੀ ‘ਚ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਮੀਟਿੰਗ ਨੂੰ ਭਾਰਤੀ ਜਨਤਾ ਪਾਰਟੀ (BJP) ਦੀ ਰਣਨੀਤੀ ਨਾਲ ਜੋੜਿਆ ਜਾ ਰਿਹਾ ਹੈ, ਜੋ ਡੇਰਾ ਬਿਆਸ ਦੇ ਸ਼ਰਧਾਲੂਆਂ ਦੀਆਂ ਵੋਟਾਂ ‘ਤੇ ਨਜ਼ਰ ਰੱਖ ਰਹੀ ਹੈ। ਡੇਰਾ ਬਿਆਸ, ਜੋ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਵਜੋਂ ਮਸ਼ਹੂਰ ਹੈ, ਲੱਖਾਂ ਪੈਰੋਕਾਰਾਂ ਵਾਲੀ ਇੱਕ ਪ੍ਰਮੁੱਖ ਅਧਿਆਤਮਿਕ ਸੰਸਥਾ ਹੈ, ਜਿਸਦਾ ਪ੍ਰਭਾਵ ਪੰਜਾਬ ਅਤੇ ਹੋਰ ਖੇਤਰਾਂ ਵਿੱਚ ਵਿਆਪਕ ਹੈ।
ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵਰਗੇ ਭਾਜਪਾ ਦੇ ਕਈ ਵੱਡੇ ਆਗੂ ਵੀ ਡੇਰਾ ਬਿਆਸ ਆ ਕੇ ਮੁਖੀ ਨੂੰ ਮਿਲੇ ਸਨ। ਇਨ੍ਹਾਂ ਮੀਟਿੰਗਾਂ ਨੂੰ ਭਾਜਪਾ ਵੱਲੋਂ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਪਣੀ ਸਿਆਸੀ ਹਮਾਇਤ ਮਜ਼ਬੂਤ ਕਰਨ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਵੱਡੀ ਗਿਣਤੀ ਵਿੱਚ ਡੇਰਾ ਪੈਰੋਕਾਰ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਭਾਜਪਾ ਲੀਡਰਸ਼ਿਪ ਵੱਲੋਂ ਇਨ੍ਹਾਂ ਮੀਟਿੰਗਾਂ ਨੂੰ ਅਧਿਆਤਮਿਕਤਾ ਅਤੇ ਰਾਜਨੀਤੀ ਦੇ ਮਿਸ਼ਰਣ ਦੀ ਮਿਸਾਲ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਡੇਰਾ ਬਿਆਸ ਵਰਗੀਆਂ ਸੰਸਥਾਵਾਂ ਦਾ ਅਸ਼ੀਰਵਾਦ ਅਤੇ ਸਮਰਥਨ ਮਿਲਣਾ ਚੋਣ ਸਮੀਕਰਨਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।