ਪੰਜਾਬ : ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਜਿੱਥੇ ਲੋਕਾਂ ‘ਚ ਉਤਸ਼ਾਹ ਹੈ, ਉੱਥੇ ਹੀ ਨਕਲੀ ਮਠਿਆਈਆਂ ਕਾਰਨ ਬੀਮਾਰੀਆਂ ਦਾ ਡਰ ਵੀ ਬਣਿਆ ਹੋਇਆ ਹੈ। ਇਸ ਦੌਰਾਨ ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਨਕਲੀ ਮਠਿਆਈਆਂ ਬਣਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਸਿਹਤ ਮੰਤਰੀ ਨੇ ਕਿਹਾ ਹੈ ਕਿ ਜੇਕਰ ਕੋਈ ਨਕਲੀ ਮਠਿਆਈ, ਨਕਲੀ ਘਿਓ, ਪਨੀਰ ਜਾਂ ਨਕਲੀ ਖੋਆ ਬਣਾਉਂਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਇਸ ਲਈ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਜੇਕਰ ਕਿਤੇ ਵੀ ਕੋਈ ਸੂਚਨਾ ਮਿਲਦੀ ਹੈ ਤਾਂ ਇਹ ਟੀਮਾਂ ਤੁਰੰਤ ਕਾਰਵਾਈ ਕਰਨਗੀਆਂ। ਇਸ ਤੋਂ ਇਲਾਵਾ ਟੀਮਾਂ ਵੱਲੋਂ ਵੱਖ-ਵੱਖ ਦੁਕਾਨਾਂ ‘ਤੇ ਪਹੁੰਚ ਕੇ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ।
ਸਿਹਤ ਮੰਤਰੀ ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੀਵਾਲੀ ਖੁਸ਼ੀ ਦਾ ਤਿਉਹਾਰ ਹੈ, ਇਸ ਲਈ ਲੋਕ ਮਠਿਆਈਆਂ ਦੀ ਬਜਾਏ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਫਲ ਦੇਣ। ਖੋਆ, ਪਨੀਰ ਅਤੇ ਦੁੱਧ ਤੋਂ ਬਣੀਆਂ ਮਿਠਾਈਆਂ ਤੋਂ ਜਿੰਨਾ ਹੋ ਸਕੇ ਪਰਹੇਜ਼ ਕਰਨਾ ਚਾਹੀਦਾ ਹੈ। ਇਨ੍ਹਾਂ ਦੀ ਬਜਾਏ ਛੋਲਿਆਂ ਤੋਂ ਬਣੀਆਂ ਮਠਿਆਈਆਂ ਹੀ ਖਾਣੀਆਂ ਚਾਹੀਦੀਆਂ ਹਨ। ਜੇਕਰ ਤੁਸੀਂ ਖੋਆ ਅਤੇ ਪਨੀਰ ਖਾਣਾ ਚਾਹੁੰਦੇ ਹੋ ਤਾਂ ਇਸ ਨੂੰ ਘਰ ‘ਚ ਹੀ ਤਿਆਰ ਕਰਕੇ ਖਾਓ। ਥੋੜੀ ਜਿਹੀ ਸਾਵਧਾਨੀ ਨਾਲ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।