ਫਰੀਦਕੋਟ : ਝੋਨੇ ਦੇ ਸੀਜ਼ਨ ਵਿੱਚ ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ। ਦਰਅਸਲ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ (Deputy Commissioner Vineet Kumar) ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਜਿਸ ਵਿੱਚੋਂ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ 68 ਮੰਡੀਆਂ ਅਤੇ 20 ਆਰਜੀ ਖਰੀਦ ਕੇਂਦਰਾਂ ਵਿੱਚ ਕਰੀਬ 86131 ਟਨ ਝੋਨੇ ਦੀ ਆਮਦ ਹੋ ਚੁੱਕੀ ਹੈ।
ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ 62877 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਨ੍ਹਾਂ ਖਰੀਦ ਕੇਂਦਰਾਂ ਵਿੱਚ ਕਰੀਬ 5100 ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 4953 ਕਿਸਾਨਾਂ ਨੂੰ 64.18 ਕਰੋੜ ਰੁਪਏ ਵਿੱਚੋਂ 62.35 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ।
ਦੂਜੇ ਪਾਸੇ ਪੰਜਾਬ ਭਰ ਵਿੱਚ ਸਟੋਰੇਜ ਦੀ ਘਾਟ ਕਾਰਨ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਦੇ ਵਿਚਕਾਰ ਕੇਂਦਰ ਸਰਕਾਰ ਨੇ ਪੰਜਾਬ ਲਈ 22 ਲੱਖ ਮੀਟ੍ਰਿਕ ਟਨ ਦੀ ਨਵੀਂ ਸਟੋਰੇਜ ਸਹੂਲਤ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿੱਚ ਪੰਜਾਬ ਰਾਜ ਗੁਦਾਮ ਨਿਗਮ ਜਲਦੀ ਹੀ ਟੈਂਡਰ ਜਾਰੀ ਕਰੇਗਾ।