ਮੋਗਾ : ਪੰਜਾਬ ‘ਚ ਟ੍ਰੈਫਿਕ ਪੁਲਿਸ ਨੇ ਸਖਤ ਕਾਰਵਾਈ ਕੀਤੀ ਹੈ। ਤਿਉਹਾਰ ਨੂੰ ਮੁੱਖ ਰੱਖਦਿਆਂ ਟਰੈਫਿਕ ਪੁਲਿਸ ਨੇ ਬੁਲੇਟ ਮੋਟਰਸਾਈਕਲਾਂ ’ਤੇ ਪਟਾਕੇ ਚਲਾਉਣ ਵਾਲਿਆਂ ਦੇ ਵੱਡੇ ਪੱਧਰ ’ਤੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਟ੍ਰੈਫਿਕ ਪੁਲਿਸ ਇੰਚਾਰਜ ਖੇਮ ਚੰਦ ਨੇ ਦੱਸਿਆ ਕਿ ਇਹ ਤਿਉਹਾਰਾਂ ਦੇ ਦਿਨ ਹਨ ਅਤੇ ਪੁਲਿਸ ਵਲੋਂ ਵੱਖ-ਵੱਖ ਥਾਵਾਂ ‘ਤੇ ਨਾਕੇਬੰਦੀ ਕਰਕੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਟਾਕੇ ਚਲਾਉਣ ਵਾਲੇ ਬੁਲਟ ਮੋਟਰਸਾਈਕਲਾਂ ਦੇ ਚਲਾਨ ਕੱਟੇ ਗਏ ਅਤੇ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲਾਂ ਨੂੰ ਰੋਕ ਕੇ ਉਨ੍ਹਾਂ ਦੇ ਕਾਗਜ਼ਾਤ ਚੈੱਕ ਕੀਤੇ ਗਏ। ਜਿਨ੍ਹਾਂ ਕੋਲ ਕਾਗਜ਼ ਨਹੀਂ ਸਨ, ਉਨ੍ਹਾਂ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਕਾਰਨ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਕਰਨ ਤਾਂ ਜੋ ਚਲਾਨ ਕੱਟਣ ਤੋਂ ਬਚਿਆ ਜਾ ਸਕੇ।