ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿੱਚ ਗਬਨ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪਿਛਲੇ ਚਾਰ ਸਾਲਾਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਹੈੱਡ ਟੀਚਰ ਗੁਰਮੇਲ ਸਿੰਘ (ਹੁਣ ਸੇਵਾਮੁਕਤ) ਅਤੇ ਕਲਰਕ ਸੁਖਵਿੰਦਰ ਸਿੰਘ (ਹੁਣ ਬਰਖਾਸਤ) ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਤਤਕਾਲੀ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਨੇ 2015 ਤੋਂ 2017 ਤੱਕ ਤਨਖ਼ਾਹ ਨਾਲ ਧੋਖਾਧੜੀ ਕਰਨ ਦੀ ਸਾਜ਼ਿਸ਼ ਰਚੀ ਅਤੇ ਅਧਿਆਪਕ ਵਜੋਂ ਕੰਮ ਕਰਨ ਦਾ ਝਾਂਸਾ ਦੇ ਕੇ 35,81,429 ਰੁਪਏ ਉਨ੍ਹਾਂ ਦੇ ਚਾਰ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ। ਇਸ ਤੋਂ ਇਲਾਵਾ ਮੁਲਜ਼ਮ ਕਲਰਕ ਸੁਖਵਿੰਦਰ ਸਿੰਘ ਨੇ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਦੇ ਤਤਕਾਲੀ ਡਰਾਇੰਗ ਅਤੇ ਵੰਡ ਅਫ਼ਸਰ ਸਤਪਾਲ ਸਿੰਘ ਦੇ ਜਾਅਲੀ ਦਸਤਖ਼ਤਾਂ ਨਾਲ 2013 ਤੋਂ 2015 ਤੱਕ 86,172 ਰੁਪਏ ਵੀ ਜਮ੍ਹਾਂ ਕਰਵਾਏ।
ਇਸ ਸਬੰਧੀ ਐਫ.ਆਈ.ਆਰ. ਨੰ. 53 ਦੋਸ਼ੀ ਹੈੱਡ ਟੀਚਰ ਗੁਰਮੇਲ ਸਿੰਘ, ਕਲਰਕ ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਸਤਨਾਮ ਸਿੰਘ, ਅੰਮ੍ਰਿਤਪਾਲ ਸਿੰਘ, ਰਣਜੀਤ ਕੌਰ ਵੜੈਚ ਅਤੇ ਗੁਰਵਿੰਦਰ ਕੌਰ ਖ਼ਿਲਾਫ਼ ਥਾਣਾ ਸ਼ਾਹਕੋਟ, ਜ਼ਿਲ੍ਹਾ ਜਲੰਧਰ ਵਿਖੇ ਮਿਤੀ 20-03-2018 ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।