Home ਪੰਜਾਬ ਬੰਦੀ ਛੋੜ ਦਿਵਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ...

ਬੰਦੀ ਛੋੜ ਦਿਵਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਟੇਕਿਆ ਮੱਥਾ

0

ਅੰਮ੍ਰਿਤਸਰ : ਦੀਵਾਲੀ ਦਾ ਤਿਉਹਾਰ ਸਿੱਖ ਕੌਮ ਵੱਲੋਂ ਬੰਦੀ ਛੋੜ ਦਿਵਸ ਵਜੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸੰਗਤਾਂ ਗੁਰੂ ਘਰ ਦੇ ਦਰਸ਼ਨਾਂ ਲਈ ਪੁੱਜਦੀਆਂ ਹਨ। ਅੱਜ ਇਸ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਸੰਗਤਾਂ ਨੇ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਦੱਸ ਦੇਈਏ ਕਿ ਅੱਜ ਦੇ ਦਿਨ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਤੋਂ 52 ਰਾਜਿਆਂ ਨੂੰ ਰਿਹਾਅ ਕੀਤਾ ਸੀ। ਰਿਹਾਅ ਹੋ ਕੇ ਉਹ ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜੇ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਬੰਦੀ ਰਾਜਿਆਂ ਨੂੰ ਗਵਾਲੀਅਰ ਦੀ ਕੈਦ ਵਿੱਚੋਂ ਆਜ਼ਾਦ ਕਰਵਾਇਆ ਅਤੇ ਬੰਦੀ ਰਾਜਿਆਂ ਨੂੰ ਰਿਹਾਅ ਕਰਨ ਵਾਲੇ ਸਤਿਗੁਰੂ ਬਣੇ।  ਇਸ ਖੁਸ਼ੀ ਵਿੱਚ ਅੰਮ੍ਰਿਤਸਰ ਵਿੱਚ ਸਿੱਖ ਸੰਗਤਾਂ ਨੇ ਘਿਓ ਦੇ ਦੀਵੇ ਜਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੀ ਆਮਦ ਨੂੰ ਮਨਾਉਣ ਲਈ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਵੇ ਜਗਾਏ।

 

ਇਸ ਦਿਨ ਤੋਂ ਇਹ ਸਿੱਖਾਂ ਲਈ ਪਵਿੱਤਰ ਦਿਹਾੜਾ ਬਣ ਗਿਆ ਅਤੇ ਸਿੱਖ ਭਾਈਚਾਰਾ ਹਰ ਸਾਲ ਬੰਦੀ-ਛੋੜ ਦਿਵਸ ਮਨਾਉਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਇਕੱਠੇ ਹੋਣ ਲੱਗੇ। ਹਰ ਸਾਲ ਬੰਦੀ ਛੋੜ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ ਅਤੇ ਦੀਵੇ ਜਗਾਉਂਦੀਆਂ ਹਨ।

ਵਰਨਣਯੋਗ ਹੈ ਕਿ ਹਰ ਸਾਲ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਆਤਿਸ਼ਬਾਜੀ ਦੇ ਦਰਸ਼ਨ ਹੁੰਦੇ ਹਨ ਪਰ ਇਸ ਵਾਰ ਬੰਦੀ ਛੋੜ ਦੀਵਾਲੀ ਨਵੰਬਰ ਮਹੀਨੇ ਵਿੱਚ ਪੈਣ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਿੰਘ ਸਾਹਿਬ ਵੱਲੋਂ ਸੰਦੇਸ਼ ਦਿੱਤਾ ਗਿਆ ਹੈ ਕਿ 1 ਨਵੰਬਰ 1984 ਨੂੰ ਦਿੱਲੀ ਵਿੱਚ ਸਿੱਖ ਕੌਮ ਦਾ ਕਤਲੇਆਮ ਹੋਇਆ ਸੀ, ਜਿਸ ਦੇ ਵਿਰੋਧ ਵਿੱਚ ਬੰਦੀ ਛੋੜ ਦਿਵਸ ਮੌਕੇ ਆਤਿਸ਼ਬਾਜ਼ੀ ਨਹੀਂ ਕੀਤੀ ਜਾਵੇਗੀ ਅਤੇ ਇਸ ਵਾਰ ਬੰਦੀ ਛੋੜ ਦਿਵਸ ਕੇਵਲ ਘਿਓ ਦੇ ਦੀਵੇ ਜਗਾ ਕੇ ਹੀ ਮਨਾਇਆ ਜਾਵੇਗਾ।

Exit mobile version