ਜਲੰਧਰ : ਇਨ੍ਹੀਂ ਦਿਨੀਂ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਬੀਤੇ ਦਿਨ ਡੇਂਗੂ ਦੇ ਇੱਕ ਪਾਜ਼ੇਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਜ਼ਿਲ੍ਹੇ ਵਿੱਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 94 ਹੋ ਗਈ ਹੈ, ਜਿਨ੍ਹਾਂ ਵਿੱਚੋਂ 67 ਮਰੀਜ਼ ਸ਼ਹਿਰੀ ਅਤੇ 27 ਪੇਂਡੂ ਖੇਤਰ ਦੇ ਵਸਨੀਕ ਹਨ।
ਸਿਹਤ ਵਿਭਾਗ ਮੁਤਾਬਕ ਬੀਤੇ ਦਿਨ ਡੇਂਗੂ ਦੇ 9 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਸਨ ਅਤੇ ਇਨ੍ਹਾਂ ‘ਚੋਂ ਇਕ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਵੀਰਵਾਰ ਨੂੰ ਵੀ ਵਿਭਾਗ ਵੱਲੋਂ ਡੇਂਗੂ ਦੇ ਸ਼ੱਕੀ 13 ਮਰੀਜ਼ਾਂ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਇਨ੍ਹਾਂ ਵਿੱਚੋਂ ਦੋ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੁਣ ਤੱਕ ਜ਼ਿਲ੍ਹੇ ਦੇ 3,85,317 ਘਰਾਂ ਦਾ ਸਰਵੇਖਣ ਕੀਤਾ ਗਿਆ ਹੈ ਅਤੇ ਇਸ ਦੌਰਾਨ ਉਨ੍ਹਾਂ ਨੂੰ 1,148 ਥਾਵਾਂ ‘ਤੇ ਡੇਂਗੂ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਮਿਲੇ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ।