ਫਰੀਦਕੋਟ : ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਅਜਿਹੇ ‘ਚ ਪੁਲਿਸ ਵੀ ਐਕਸ਼ਨ ਦੇ ਮੋਡ ‘ਚ ਹੈ। ਅਜਿਹਾ ਹੀ ਇੱਕ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾ ਦਿੱਤੀ ਗਈ। ਇਸ ਸਬੰਧੀ ਸੂਚਨਾ ਮਿਲਦੇ ਹੀ ਫਰੀਦਕੋਟ ਦੀ ਐਸ.ਐਸ.ਪੀ ਪ੍ਰਗਿਆ ਜੈਨ ਨੇ ਮੌਕੇ ’ਤੇ ਪਹੁੰਚ ਕੇ ਚਾਰਜ ਸੰਭਾਲ ਲਿਆ ਅਤੇ ਕਿਸਾਨਾਂ ਨੂੰ ਚੇਤਾਵਨੀ ਵੀ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਐਸ.ਐਸ.ਪੀ ਪ੍ਰਗਿਆ ਜੈਨ ਆਪਣੀ ਟੀਮ ਸਮੇਤ ਪਿੰਡ ਅਰਾਈਆਂਵਾਲਾ ਵਿਖੇ ਮੌਕੇ ‘ਤੇ ਪਹੁੰਚੀ ਅਤੇ ਪਰਾਲੀ ਨੂੰ ਬੁਝਾਇਆ। ਇਸ ਦੌਰਾਨ ਪੁਲਿਸ ਟੀਮ ਨੇ ਦਰੱਖਤਾਂ ਦੀਆਂ ਟਾਹਣੀਆਂ ਨਾਲ ਅੱਗ ਬੁਝਾਈ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਵਧ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀ ਸਥਿਤੀ ਵਿੱਚ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ।