ਲੁਧਿਆਣਾ : ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਸਰਾਭਾ ਨਗਰ ਮਾਰਕੀਟ ਵਿੱਚ ਪਾਰਕਿੰਗ ਫੀਸ ਖਤਮ ਕਰਨ ਦਾ ਕੀਤਾ ਗਿਆ ਵਾਅਦਾ ਪੂਰਾ ਨਹੀਂ ਹੋਇਆ। ਇਸ ਮਾਮਲੇ ਨੂੰ ਲੈ ਕੇ ਦੁਕਾਨਦਾਰਾਂ ਵੱਲੋਂ ਠੇਕੇਦਾਰ ’ਤੇ ਪਾਰਕਿੰਗ ਫੀਸਾਂ ਤੋਂ ਵੱਧ ਵਸੂਲੀ ਕਰਨ ਅਤੇ ਦੁਰਵਿਵਹਾਰ ਕਰਨ ਦੇ ਦੋਸ਼ ਲਾਏ ਜਾ ਰਹੇ ਹਨ। ਦੁਕਾਨਦਾਰਾਂ ਅਨੁਸਾਰ ਇਨ੍ਹਾਂ ਹਾਲਾਤਾਂ ਵਿੱਚ ਉਨ੍ਹਾਂ ਦਾ ਕਾਰੋਬਾਰ ਠੱਪ ਹੋ ਕੇ ਰਹਿ ਗਿਆ ਹੈ।
ਹਾਲ ਹੀ ‘ਚ ਦੁਕਾਨਦਾਰਾਂ ਵੱਲੋਂ ਇਸ ਮੁੱਦੇ ‘ਤੇ ਬਾਜ਼ਾਰ ਬੰਦ ਕਰਨ ਦੀ ਚੇਤਾਵਨੀ ਦੇਣ ਤੋਂ ਬਾਅਦ ਵਿਧਾਇਕ ਗੋਗੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਆਪਣੀ ਪਤਨੀ ਦੀ ਮੀਟਿੰਗ ਕਰਕੇ 31 ਅਕਤੂਬਰ ਨੂੰ ਸਮਝੌਤਾ ਖਤਮ ਹੋਣ ‘ਤੇ ਸਰਾਭਾ ਨਗਰ ਮਾਰਕੀਟ ‘ਚ ਪਾਰਕਿੰਗ ਫੀਸ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਅਜਿਹਾ ਨਹੀਂ ਹੋਇਆ। ਤੈਅ ਸਮਾਂ ਸੀਮਾ ਤੋਂ ਬਾਅਦ ਵੀ ਠੇਕੇਦਾਰ ਵੱਲੋਂ ਪਾਰਕਿੰਗ ਫੀਸ ਵਸੂਲੀ ਜਾ ਰਹੀ ਹੈ ਜਿਸ ਲਈ ਸਮਾਂ ਵਧਾਉਣ ਦਾ ਦਾਅਵਾ ਕੀਤਾ ਗਿਆ ਹੈ।
ਇਸ ਸਬੰਧੀ ਜਦੋਂ ਦੁਕਾਨਦਾਰਾਂ ਨੇ ਵਿਧਾਇਕ ਗੋਗੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਸੋਮਵਾਰ ਨੂੰ ਨਗਰ ਨਿਗਮ ਕਮਿਸ਼ਨਰ ਨੂੰ ਮਿਲਣ ਦਾ ਭਰੋਸਾ ਦਿੱਤਾ। ਦੁਕਾਨਦਾਰਾਂ ਨੇ ਨਗਰ ਨਿਗਮ ਨੂੰ ਮੰਗਲਵਾਰ ਤੱਕ ਦਾ ਅਲਟੀਮੇਟਮ ਦਿੱਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਬਾਜ਼ਾਰ ਬੰਦ ਕਰਕੇ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਗਈ ਹੈ।
ਇਸ ਮਾਮਲੇ ਵਿੱਚ ਜ਼ੋਨ-ਡੀ ਦੀ ਤਹਿਬਾਜ਼ਾਰੀ ਸ਼ਾਖਾ ਦੇ ਅਧਿਕਾਰੀਆਂ ਨੇ ਚੁੱਪ ਧਾਰੀ ਹੋਈ ਹੈ। ਸੁਪਰਡੈਂਟ ਅਸ਼ਵਨੀ ਕੁਮਾਰ ਦਾ ਕਹਿਣਾ ਹੈ ਕਿ ਪਾਰਕਿੰਗ ਸਾਈਟ ਨੂੰ ਠੇਕੇ ’ਤੇ ਦੇਣ ਲਈ ਟੈਂਡਰ ਜਾਰੀ ਕਰਨ ਜਾਂ ਵਧਾਉਣ ਦੀ ਪ੍ਰਕਿਰਿਆ ਮੁੱਖ ਦਫ਼ਤਰ ਰਾਹੀਂ ਹੁੰਦੀ ਹੈ ਅਤੇ ਇਸ ਸਬੰਧੀ ਸੁਪਰਡੈਂਟ ਹਰਵਿੰਦਰ ਸਿੰਘ ਹੀ ਦੱਸ ਸਕਦੇ ਹਨ।