ਫਾਜ਼ਿਲਕਾ : ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ ਲਗਾਤਾਰ ਵਿਗੜਦਾ ਜਾ ਰਿਹਾ ਹੈ। ਇਸ ਕਾਰਨ ਇੱਥੋਂ ਦੀ ਹਵਾ ਪੂਰੀ ਤਰ੍ਹਾਂ ਖਰਾਬ ਹੋ ਗਈ ਹੈ। ਹਾਲਾਤ ਇਹ ਬਣ ਗਏ ਹਨ ਕਿ ਰਾਜ ਮਾਰਗਾਂ, ਬਾਜ਼ਾਰਾਂ, ਗਲੀਆਂ, ਹਸਪਤਾਲਾਂ, ਚੌਰਾਹਿਆਂ ‘ਤੇ ਹਰ ਪਾਸੇ ਪ੍ਰਦੂਸ਼ਣ ਫੈਲ ਗਿਆ ਹੈ। ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਅਤੇ ਹੋਰ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਹਵਾ ਪ੍ਰਦੂਸ਼ਣ ਇੰਨਾ ਵੱਧ ਗਿਆ ਹੈ ਕਿ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਹੀ ਸੋਚਣਾ ਪੈਂਦਾ ਹੈ ਕਿ ਬਾਹਰ ਜਾਣਾ ਹੈ ਜਾਂ ਨਹੀਂ।
ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਕੋਈ ਹੱਲ ਲੱਭਿਆ ਜਾਵੇ ਅਤੇ ਜੇਕਰ ਹਾਲਾਤ ਇਸੇ ਤਰ੍ਹਾਂ ਜਾਰੀ ਰਹੇ ਤਾਂ ਇਹ ਪ੍ਰਦੂਸ਼ਿਤ ਹਵਾ ਜਾਨਲੇਵਾ ਸਾਬਤ ਹੋ ਸਕਦੀ ਹੈ। ਸਰਕਾਰੀ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਹਰ ਦਿਨ ਪ੍ਰਦੂਸ਼ਣ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ ਵੱਧ ਰਹੀ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਪੰਜਾਬ ਦੇ 5 ਜ਼ਿਲ੍ਹੇ ਆਰੇਂਜ ਅਲਰਟ ‘ਤੇ ਹਨ। ਮੰਡੀ ਗੋਬਿੰਦਗੜ੍ਹ ਵਿੱਚ ਏ.ਕਿਊ.ਆਈ 360 ਦਰਜ ਕੀਤਾ ਗਿਆ ਸੀ। ਜਦੋਂ ਕਿ ਅੰਮ੍ਰਿਤਸਰ ਦਾ AQI 240, ਬਠਿੰਡਾ 170, ਜਲੰਧਰ 173, ਖੰਨਾ 202, ਲੁਧਿਆਣਾ 216 ਅਤੇ ਰੂਪਨਗਰ ਦਾ 225 ਦਰਜ ਕੀਤਾ ਗਿਆ ਹੈ।