ਪੰਜਾਬ : ਲੰਬੇ ਸਮੇਂ ਤੋਂ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਾਰਵਾਈ (Strict Action) ਕਰਦੇ ਹੋਏ ਪੰਜਾਬ ਦੇ ਪਸ਼ੂ ਪਾਲਣ ਵਿਭਾਗ (The Animal Husbandry Department) ਨੇ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀਆਂ ਹਨ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਪੰਜ ਵੈਟਰਨਰੀ ਅਫ਼ਸਰਾਂ ਨੂੰ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਬਰਖਾਸਤ ਕੀਤੇ ਗਏ ਡਾਕਟਰਾਂ ਦੀ ਪਛਾਣ ਡਾ: ਗੁਰਪ੍ਰੀਤ ਸਿੰਘ, ਡਾ: ਅਨੁਪ੍ਰੀਤ ਕੌਰ, ਡਾ: ਅਰਸ਼ਦੀਪ ਸਿੰਘ, ਡਾ: ਜਗਦੀਪ ਸਿੰਘ ਅਤੇ ਡਾ: ਹਰਮਨਪ੍ਰੀਤ ਸਿੰਘ ਬੱਲ ਵਜੋਂ ਹੋਈ ਹੈ। ਰਾਹੁਲ ਭੰਡਾਰੀ ਨੇ ਦੱਸਿਆ ਕਿ ਇਹ ਵੈਟਰਨਰੀ ਅਧਿਕਾਰੀ ਪਿਛਲੇ ਤਿੰਨ-ਪੰਜ ਸਾਲਾਂ ਤੋਂ ਡਿਊਟੀ ਤੋਂ ਗੈਰਹਾਜ਼ਰ ਸਨ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਕਿਹਾ ਕਿ ਛੁੱਟੀ ਮਨਜ਼ੂਰ ਕੀਤੇ ਬਿਨਾਂ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀ ਅਣਗਹਿਲੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।