ਤਰਨਤਾਰਨ: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ (Tarn Taran District) ਤੋਂ ਇੱਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਖੇਤੀਬਾੜੀ ਸਟੋਰ ਵਿੱਚ ਮੌਜੂਦ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਨੋਨੀ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ, ਜੋ ਕਿ ਮਸ਼ਹੂਰ ਕਬੱਡੀ ਖਿਡਾਰੀ ਦੱਸਿਆ ਜਾਂਦਾ ਹੈ। ਇਸ ਤੋਂ ਇਲਾਵਾ ਉਹ ਵਿਦੇਸ਼ ‘ਚ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ ਦਾ ਚਚੇਰਾ ਭਰਾ ਦੱਸਿਆ ਜਾਂਦਾ ਹੈ, ਜਿਸ ਦੇ ਖ਼ਿਲਾਫ਼ ਫਿਰੌਤੀ ਸਮੇਤ ਕਈ ਹੋਰ ਅਪਰਾਧਿਕ ਮਾਮਲੇ ਦਰਜ ਹਨ।
ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਕਰੀਬ ਇਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਸ ਘਟਨਾ ਨੂੰ ਕਿਸ ਨੇ ਅੰਜਾਮ ਦਿੱਤਾ ਹੈ। ਮੁਲਜ਼ਮਾਂ ਦੀ ਪਹਿਚਾਣ ਦੇ ਲਈ ਪੁਲਿਸ ਨੇੜੇ-ਤੇੜੇ ਦੇ ਇਲਾਕਿਆਂ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ।