ਪੰਜਾਬ : ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਦੇ ਪਿਤਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜਾਣਕਾਰੀ ਅਨੁਸਾਰ ਫਿਲੌਰ ਅਦਾਲਤ ਨੇ ਕੁਲਦੀਪ ਖੁਰਾਣਾ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਦੱਸ ਦਈਏ ਕਿ ਗੁਰਾਇਆ ‘ਚ ਤਾਇਨਾਤ ਨਾਇਬ ਤਹਿਸੀਲਦਾਰ ‘ਤੇ ਹਮਲਾ ਕਰਨ ਅਤੇ ਬਦਸਲੂਕੀ ਕਰਨ ਦੇ ਦੋਸ਼ ‘ਚ ਕੁਲਦੀਪ ਖੁਰਾਣਾ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।
ਇਸ ਸਬੰਧੀ ਐਸ.ਐਚ.ਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨੇ 5 ਮਹੀਨੇ ਪਹਿਲਾਂ ਉਨ੍ਹਾਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਜਦੋਂ ਉਹ ਆਪਣੀ ਡਿਊਟੀ ਲਈ ਜਾ ਰਿਹਾ ਸੀ ਤਾਂ ਕੁਲਦੀਪ ਖੁਰਾਣਾ ਨੇ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਸ ਦੇ ਨਾਲ ਮੌਜੂਦ ਇੱਕ ਮੁਲਾਜ਼ਮ ਨੇ ਇਸ ਦੀ ਵੀਡੀਓ ਬਣਾ ਲਈ। ਇਸ ਮਗਰੋਂ ਪੁਲਿਸ ਨੇ ਕੁਲਦੀਪ ਖੁਰਾਣਾ ਖ਼ਿਲਾਫ਼ ਕੇਸ ਦਰਜ ਕਰ ਲਿਆ।
ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਕਈ ਵਾਰ ਉਨ੍ਹਾਂ ਦੇ ਘਰ ਗਈ ਪਰ ਉਹ ਨਹੀਂ ਮਿਲਿਆ। ਇਸ ਤੋਂ ਬਾਅਦ ਪੁਲਿਸ ਨੂੰ ਬੀਤੀ ਰਾਤ ਪਤਾ ਲੱਗਾ ਕਿ ਕੁਲਦੀਪ ਖੁਰਾਣਾ ਘਰ ਹੈ। ਇਸ ਮਗਰੋਂ ਪੁਲਿਸ ਨੇ ਛਾਪਾ ਮਾਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਇੱਥੋਂ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਕਪੂਰਥਲਾ ਜੇਲ੍ਹ ਭੇਜ ਦਿੱਤਾ ਹੈ।