ਸੰਭਲ : ਸੰਭਲ ਦੀ ਸ਼ਾਹੀ ਜਾਮਾ ਮਸਜਿਦ (The Shahi Jama Masjid) ਦੇ ਆਲੇ-ਦੁਆਲੇ ਭਾਰੀ ਪੁਲਿਸ ਬਲ (A Heavy Police Force) ਤਾਇਨਾਤ ਕਰ ਦਿੱਤਾ ਗਿਆ ਹੈ। ਸਥਿਤੀ ਆਮ ਵਾਂਗ ਹੈ ਅਤੇ ਲੋਕ ਸੜਕਾਂ ‘ਤੇ ਘੁੰਮਦੇ ਨਜ਼ਰ ਆ ਰਹੇ ਹਨ। ਸਕੂਲ ਖੁੱਲ੍ਹੇ ਹਨ ਪਰ ਇੰਟਰਨੈੱਟ ਸੇਵਾ ਬੰਦ ਹਨ ।
ਦੇਰ ਰਾਤ ਜਾਮਾ ਮਸਜਿਦ ਦੇ ਆਲੇ-ਦੁਆਲੇ ਅਤੇ ਗੇਟ ਦੇ ਬਾਹਰ ਵਾਧੂ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਸਨ। ਸੰਭਲ ਥਾਣੇ ਦੇ ਆਲੇ-ਦੁਆਲੇ ਹਰ ਚੌਰਾਹੇ ‘ਤੇ ਪੁਲਿਸ ਮੁਲਾਜ਼ਮ ਨਜ਼ਰ ਆ ਰਹੇ ਹਨ। ਅੱਜ ਸ਼ੁੱਕਰਵਾਰ ਦੀ ਨਮਾਜ਼ ਹੈ ਅਤੇ ਸਰਵੇ ਰਿਪੋਰਟ ਵੀ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਅਜਿਹੇ ‘ਚ ਪੁਲਿਸ ਹਾਈ ਅਲਰਟ ‘ਤੇ ਹੈ। ਪੁਲਿਸ ਨੇ ਮੋਬਾਈਲ ਸੀ.ਸੀ.ਟੀ.ਵੀ. ਫੁਟੇਜ ਅਤੇ ਡਰੋਨ ਕੈਮਰਿਆਂ ਤੋਂ ਪ੍ਰਾਪਤ ਵੀਡੀਓਜ਼ ਦੇ ਆਧਾਰ ‘ਤੇ 100 ਤੋਂ ਵੱਧ ਮੁਲਜ਼ਮਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿੱਚੋਂ ਹੁਣ ਤੱਕ 31 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਪੁਲਿਸ ਵੱਲੋਂ ਸੰਵੇਦਨਸ਼ੀਲ ਥਾਵਾਂ ‘ਤੇ ਆਉਣ-ਜਾਣ ਵਾਲੇ ਹਰ ਵਿਅਕਤੀ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਜੇਕਰ ਕੋਈ ਸ਼ੱਕੀ ਗਤੀਵਿਧੀ ਦਿਖਾਈ ਦਿੰਦੀ ਹੈ ਤਾਂ ਪੁਲਿਸ ਤੁਰੰਤ ਕਾਰਵਾਈ ਕਰ ਰਹੀ ਹੈ। ਸਰਕਾਰ ਵੱਲੋਂ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਜੇਕਰ ਕਿਤੇ ਵੀ ਕੋਈ ਸ਼ੱਕੀ ਸਥਿਤੀ ਦਿਖਾਈ ਦਿੰਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਸੰਭਲ ਵਿੱਚ ਹਾਲ ਹੀ ਵਿੱਚ ਹੋਈ ਹਿੰਸਾ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ। ਕਮੇਟੀ ਦੇ ਗਠਨ ਦਾ ਆਦੇਸ਼ ਉੱਤਰ ਪ੍ਰਦੇਸ਼ ਦੇ ਗ੍ਰਹਿ ਵਿਭਾਗ ਨੇ ਬੀਤੇ ਦਿਨ ਜਾਰੀ ਕੀਤਾ।
ਰਾਜ ਦੇ ਗ੍ਰਹਿ ਵਿਭਾਗ ਦੇ ਹੁਕਮਾਂ ਅਨੁਸਾਰ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੇਵੇਂਦਰ ਕੁਮਾਰ ਅਰੋੜਾ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਮੇਟੀ ਨੂੰ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕਮੇਟੀ ਦੇ ਦੋ ਹੋਰ ਮੈਂਬਰ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਅਮਿਤ ਮੋਹਨ ਪ੍ਰਸਾਦ ਅਤੇ ਸਾਬਕਾ ਆਈ.ਪੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਜੈਨ ਹਨ। ਕਮੇਟੀ ਨੂੰ ਦੋ ਮਹੀਨਿਆਂ ਵਿੱਚ ਆਪਣੀ ਰਿਪੋਰਟ ਸੌਂਪਣੀ ਹੋਵੇਗੀ।
24 ਨਵੰਬਰ ਦੀ ਸਵੇਰ ਨੂੰ ਸੰਭਲ ਦੀ ਸ਼ਾਹੀ ਜਾਮਾ ਮਸਜਿਦ ਦਾ ਸਰਵੇਖਣ ਕੀਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਇਸ ਦੌਰਾਨ ਮਸਜਿਦ ਦੇ ਕੋਲ ਸ਼ਰਾਰਤੀ ਅਨਸਰਾਂ ਨੇ ਸਰਵੇ ਟੀਮ ‘ਤੇ ਪਥਰਾਅ ਕੀਤਾ। ਕੁਝ ਹੀ ਦੇਰ ਵਿਚ ਮਾਹੌਲ ਵਿਗੜਨਾ ਸ਼ੁਰੂ ਹੋ ਗਿਆ। ਸਥਿਤੀ ’ਤੇ ਕਾਬੂ ਪਾਉਣ ਲਈ ਪੁਲਿਸਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਵੀ ਦਿੱਤੀ। ਹਿੰਸਾ ਦੌਰਾਨ ਕਈ ਲੋਕਾਂ ਦੀ ਮੌਤ ਵੀ ਹੋਈ।