ਚੰਡੀਗੜ੍ਹ : ਹਰਿਆਣਾ ਵਿੱਚ ਨਸ਼ਾ ਵਿਰੋਧੀ ਮੁਹਿੰਮ ਦਾ ਅਸਰ ਦਿਖਾਈ ਦੇਣ ਲੱਗਾ ਹੈ। ਮੁੱਖ ਸਕੱਤਰ ਡਾਕਟਰ ਵਿਵੇਕ ਜੋਸ਼ੀ ਦੀ ਮੀਟਿੰਗ ਤੋਂ ਇੱਕ ਦਿਨ ਬਾਅਦ ਹੁਣ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੀਤੇ ਦਿਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਕ ਪੋਰਟਲ ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਜਿਸ ‘ਤੇ ਕੋਈ ਵੀ ਨਸ਼ਾ ਤਸਕਰੀ ਬਾਰੇ ਜਾਣਕਾਰੀ ਦੇ ਸਕਦਾ ਹੈ। ਸੂਚਨਾ ਦੇਣ ਵਾਲੇ ਨੂੰ ਸਰਕਾਰ ਇਨਾਮ ਦੇਵੇਗੀ ਅਤੇ ਉਸ ਦੀ ਸੂਚਨਾ ਗੁਪਤ ਰੱਖੀ ਜਾਵੇਗੀ।
ਬੀਤੇ ਦਿਨ ਆਬਕਾਰੀ ਤੇ ਕਰ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਪੁਲਿਸ ਨਾਲ ਤਾਲਮੇਲ ਬਣਾ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਨਸ਼ਿਆਂ ਦੀ ਸਮੱਸਿਆ ਨੂੰ ਨੱਥ ਪਾਈ ਜਾ ਸਕੇ।
ਮੁੱਖ ਮੰਤਰੀ ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਟੈਕਸ ਚੋਰੀ ਅਤੇ ਨਕਲੀ ਸ਼ਰਾਬ ਦੇ ਮਾਮਲਿਆਂ ਦੀ ਜਾਂਚ ਦੌਰਾਨ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰੀ ਜਾਂ ਨਸ਼ਾ ਕਰਨ ਦੀ ਸੂਚਨਾ ਮਿਲਦੀ ਹੈ ਤਾਂ ਉਹ ਪੁਲਿਸ ਨੂੰ ਨਾਲ ਲੈ ਕੇ ਕਾਰਵਾਈ ਕਰਨ। ਨਕਲੀ ਸ਼ਰਾਬ ਦੇ ਨਿਰਮਾਣ ਅਤੇ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਭਾਰੀ ਜੁਰਮਾਨੇ ਲਗਾਉਣ ਦੇ ਨਾਲ ਸਖ਼ਤ ਤੋਂ ਸਖ਼ਤ ਸਜ਼ਾ ਦਾ ਉਪਬੰਧ ਕੀਤਾ ਜਾਣਾ ਚਾਹੀਦਾ ਹੈ। ਅਜਿਹੇ ਲੋਕਾਂ ਦੀਆਂ ਕਾਲੇ ਧਨ ਰਾਹੀਂ ਹਾਸਲ ਕੀਤੀਆਂ ਜਾਇਦਾਦਾਂ ਵੀ ਕੁਰਕ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
ਦੂਜੇ ਪਾਸੇ ਮੁੱਖ ਸਕੱਤਰ ਨੇ ਸਿਹਤ ਵਿਭਾਗ ਅਤੇ ਸਮਾਜ ਭਲਾਈ ਅਧਿਕਾਰੀਆਂ ਨੂੰ ਨਸ਼ਿਆਂ ਵਿੱਚ ਫਸੇ ਬੱਚਿਆਂ ਅਤੇ ਕਿਸ਼ੋਰਾਂ ਲਈ ਵੱਖਰੇ ਨਸ਼ਾ ਛੁਡਾਊ ਕੇਂਦਰ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਐਨ.ਡੀ.ਪੀ.ਐਸ ਕੇਸਾਂ ਨਾਲ ਨਿਪਟਣ ਵਾਲੇ ਪੁਲਿਸ ਅਧਿਕਾਰੀਆਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਜਾਰੀ ਰਹਿਣੇ ਚਾਹੀਦੇ ਹਨ। ਸਰਕਾਰ ਨੇ ਕੈਮਿਸਟ ਦੀਆਂ ਦੁਕਾਨਾਂ ਵਿੱਚ ਹਾਈ-ਟੈਕ ਅਤੇ ਨਾਈਟ ਵਿਜ਼ਨ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਵੀ ਆਦੇਸ਼ ਦਿੱਤੇ ਹਨ। ਜੇਕਰ ਕੋਈ ਵੀ ਕੈਮਿਸਟ ਦੀ ਦੁਕਾਨ ਪਾਈ ਜਾਂਦੀ ਹੈ ਜਿਸ ਵਿੱਚ ਸੀ.ਸੀ.ਟੀ.ਵੀ ਨਹੀਂ ਲੱਗੇ ਹੁੰਦੇ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।