ਨਵੀਂ ਦਿੱਲੀ : ਸਿੱਖਿਆ ਦੇ ਖੇਤਰ ਵਿੱਚ ਵੱਡਾ ਨਾਮ ਅਵਧ ਪ੍ਰਤਾਪ ਓਝਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਮੈਂਬਰਸ਼ਿਪ ਦਿੱਤੀ। ਇਸ ਦੌਰਾਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।
ਪਾਰਟੀ ਦੀ ਤਰਫੋਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਵਧ ਓਝਾ ਨੇ ਦਿੱਲੀ ਦੀ ਸਿੱਖਿਆ ਕ੍ਰਾਂਤੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦੀ ਮੈਂਬਰਸ਼ਿਪ ਲਈ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਵਧ ਓਝਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨਗੇ। ਓਝਾ ਦਿੱਲੀ ‘ਚ ਵਿਧਾਨ ਸਭਾ ਚੋਣ ਵੀ ਲੜ ਸਕਦੇ ਹਨ। ਅਵਧ ਓਝਾ ਦਾ ਪੂਰਾ ਨਾਂ ਅਵਧ ਪ੍ਰਤਾਪ ਓਝਾ ਹੈ। ਉਹ ਉੱਤਰ ਪ੍ਰਦੇਸ਼ ਦੇ ਗੋਂਡਾ ਸ਼ਹਿਰ ਦਾ ਵਸਨੀਕ ਹੈ ਅਤੇ ਆਪਣੇ ਖਾਸ ਤਰੀਕੇ ਨਾਲ ਪੜ੍ਹਾਉਣ ਲਈ ਮਸ਼ਹੂਰ ਹੈ। ਉਸ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ।
ਅਵਧ ਓਝਾ ਨੂੰ ਸੋਸ਼ਲ ਮੀਡੀਆ ‘ਤੇ ‘ਓਝਾ ਸਰ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਉਸ ਦੀਆਂ ਵੀਡੀਓਜ਼ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਉਹ ਰਾਜਨੀਤੀ ਵਿੱਚ ਵੀ ਬਹੁਤ ਦਿਲਚਸਪੀ
ਰੱਖਦੇ ਹਨ ।