Home ਹਰਿਆਣਾ CM ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਨ ਦੇ...

CM ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

0

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (CM Naib Singh Saini) ਨੇ ਅਧਿਕਾਰੀਆਂ ਨੂੰ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਸੂਬੇ ਵਿੱਚ ਨਸ਼ਿਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਮੱਸਿਆ ਨੂੰ ਖਤਮ ਕਰਨ ਲਈ ਲੋਕਾਂ ਨੂੰ ਵੀ ਸਰਕਾਰ ਦਾ ਸਾਥ ਦੇਣ ਦੀ ਲੋੜ ਹੈ, ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਪਹਿਲਕਦਮੀ ਸ਼ੁਰੂ ਕੀਤੀ ਹੈ ਜਿਸ ਤਹਿਤ ਨਸ਼ਾ ਤਸਕਰੀ ਸਬੰਧੀ ਕੋਈ ਵੀ ਸੂਚਨਾ ਦੇਣ ਵਾਲੇ ਵਿਅਕਤੀ ਨੂੰ ਸਰਕਾਰ ਵੱਲੋਂ ਇਨਾਮ ਦਿੱਤਾ ਜਾਵੇਗਾ ਅਤੇ ਉਸ ਦੇ ਵੇਰਵੇ ਵੀ ਗੁਪਤ ਰੱਖੇ ਜਾਣਗੇ। ਗ੍ਰਹਿ ਵਿਭਾਗ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਸੂਬਾਈ ਕਾਰਜ ਯੋਜਨਾ ਬਾਰੇ ਚਰਚਾ ਕੀਤੀ।

ਸੈਣੀ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਪੀੜਤਾਂ ਨੂੰ ਢੁੱਕਵਾਂ ਇਲਾਜ ਦੇ ਕੇ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਵੱਲ ਵੀ ਸਾਰਥਕ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਕਾਊਂਸਲੰਿਗ ਅਤੇ ਦਵਾਈਆਂ ਸਮੇਤ ਹੋਰ ਸਹੂਲਤਾਂ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਸਮਾਜਿਕ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਸਾਂਝੀ ਰਣਨੀਤੀ ਬਣਾਉਣੀ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਜ਼ਿਕਰਯੋਗ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਹੋਰ ਪੁਲਿਸ ਮੁਲਾਜ਼ਮ ਵੀ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਇੱਕ ਸੈੱਲ ਬਣਾਇਆ ਜਾਣਾ ਚਾਹੀਦਾ ਹੈ, ਜੋ ਅਜਿਹੇ ਮਾਮਲਿਆਂ ਵਿੱਚ ਝੂਠੀਆਂ ਸ਼ਿਕਾਇਤਾਂ ਦੀ ਜਾਂਚ ਕਰੇਗਾ।

ਸੈਣੀ ਨੇ ਕਿਹਾ ਕਿ ਪਿੰਡ ਪੱਧਰ ‘ਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇ ਅਤੇ ਸਰਕਾਰ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ ਜਾਵੇ । ਮੁੱਖ ਮੰਤਰੀ ਨੇ ਪੰਚਾਇਤਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਕਰਨ। ਪਿੰਡਾਂ ਨੂੰ ਨਸ਼ਾ ਮੁਕਤ ਐਲਾਨਣ ਵਾਲੀਆਂ ਪੰਚਾਇਤਾਂ ਨੂੰ ਵੀ ਸਰਕਾਰ ਵੱਲੋਂ ਪ੍ਰੋਤਸਾਹਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਪੁਲਿਸ ਅਤੇ ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਨੂੰ ਮਿਲ ਕੇ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਨਸ਼ੇ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

ਸੈਣੀ ਨੇ ਨੌਜ਼ਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬੁਰਾਈ ਪ੍ਰਤੀ ਜਾਗਰੂਕ ਕਰਨ ਲਈ ਕੰਮ ਕਰਨ। ਮੀਟਿੰਗ ਵਿੱਚ ਦੱਸਿਆ ਗਿਆ ਕਿ ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨਾਲ ਹੀ ਹਰਿਆਣਾ ਉਦੈ ਪਹਿਲ ਦੇ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸੂਬੇ ਦੀ ਪ੍ਰਹਾਰੀ ਪਹਿਲਕਦਮੀ ਰਾਹੀਂ ਨਸ਼ਾ ਵੇਚਣ ਵਾਲੇ ਵਿਅਕਤੀਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਨਸ਼ਾ ਤਸਕਰਾਂ ਦੀ ਪ੍ਰੋਫਾਈਲ ਕਰਨ ਲਈ ਹਾਕ ਸਾਫਟਵੇਅਰ ਦੀ ਵਰਤੋਂ ਕੀਤੀ ਜਾ ਰਹੀ ਹੈ। ਇੱਕ ਬਿਆਨ ਅਨੁਸਾਰ, ਇਸ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਲੜੀ ਨੂੰ ਤੋੜਨ ਵਿੱਚ ਬਹੁਤ ਮਦਦ ਮਿਲ ਰਹੀ ਹੈ।

Exit mobile version