ਅੰਮ੍ਰਿਤਸਰ : ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਵਿਰੋਧੀ ਪਾਰਟੀ ਦੇ ਨੇਤਾਵਾਂ ਵਲੋਂ ਵੀ ਆਲੋਚਨਾ ਕੀਤੀ ਜਾ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਬਾਹਰ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ।
ਬਾਜਵਾ ਨੇ ਕਿਹਾ ਕਿ ਸਾਡੇ ਸਮਾਜ ਵਿੱਚ ਹਿੰਸਾ ਦੀਆਂ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੈ। ਅਜਿਹੀਆਂ ਘਟਨਾਵਾਂ ਸਾਡੀਆਂ ਜਮਹੂਰੀ ਕਦਰਾਂ-ਕੀਮਤਾਂ ਅਤੇ ਸਮਾਜਿਕ ਢਾਂਚੇ ਨੂੰ ਕਮਜ਼ੋਰ ਕਰਦੀਆਂ ਹਨ। ਇਸ ਘਟਨਾ ਤੋਂ ਬਾਅਦ ਸਾਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਹੋਣਾ ਚਾਹੀਦਾ ਅਤੇ ਸਾਰੇ ਸਿਆਸੀ ਆਗੂਆਂ, ਸਮਾਜਿਕ ਜਥੇਬੰਦੀਆਂ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ ਕਰਦਾ ਹਾਂ।
ਇਸ ਘਟਨਾ ਨੂੰ ਲੈ ਕੇ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਸੁਖਬੀਰ ਬਾਦਲ ‘ਤੇ ਹਮਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ। ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਇਸ ਹਮਲੇ ਦੀ ਸਾਜ਼ਿਸ਼ ਪਿੱਛੇ ਜੋ ਵੀ ਹੈ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਬੇਸ਼ੱਕ ਸਾਡੇ ਪਾਰਟੀ ਪੱਧਰ ‘ਤੇ ਮਤਭੇਦ ਹੋਣ, ਪਰ ਸੁਖਬੀਰ ਸਿੰਘ ਬਾਦਲ ਵੀ ਕਿਸੇ ਦੇ ਪੁੱਤਰ, ਕਿਸੇ ਦੇ ਪਤੀ ਅਤੇ ਕਿਸੇ ਦੇ ਪਿਤਾ ਹਨ। ਸਰਕਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣੀ ਚਾਹੀਦੀ ਹੈ।