ਜਲੰਧਰ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਗਈ ਕਾਰਵਾਈ ਦੌਰਾਨ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਪਾਕਿਸਤਾਨ ਸਥਿਤ ਹਰਵਿੰਦਰ ਰਿੰਦਾ ਅਤੇ ਵਿਦੇਸ਼ ਸਥਿਤ ਹੈਪੀ ਪਾਸੀਆਂ, ਜੀਵਨ ਫੌਜੀ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਲਾਲ ਦੁਆਰਾ ਸੰਚਾਲਿਤ ਸਰਹੱਦ ਪਾਰ ਅੱਤਵਾਦੀ ਮਾਡਿਊਲ ਦੇ 4 ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਬਟਾਲਾ ਖੇਤਰ ਵਿੱਚ ਪੁਲਿਸ ਵਿਭਾਗ ‘ਤੇ ਸੰਭਾਵਿਤ ਗ੍ਰਨੇਡ ਹਮਲੇ ਨੂੰ ਟਾਲਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰ ਮੁੱਖ ਅਪਰਾਧੀਆਂ ਦੀ ਪਛਾਣ ਅਰਜੁਨਪ੍ਰੀਤ ਸਿੰਘ ਵਾਸੀ ਅਵਾਨ ਰਾਮਦਾਸ, ਅੰਮ੍ਰਿਤਸਰ ਵਜੋਂ ਹੋਈ ਹੈ; ਲਵਪ੍ਰੀਤ ਸਿੰਘ ਉਰਫ ਲਵ ਵਾਸੀ ਪੇਰੇਵਾਲ, ਅੰਮ੍ਰਿਤਸਰ; ਬਸੰਤ ਸਿੰਘ ਅਤੇ ਅਮਨਪ੍ਰੀਤ ਸਿੰਘ ਉਰਫ਼ ਅਮਨ ਦੋਵੇਂ ਵਾਸੀ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ, ਇਸ ਤੋਂ ਇਲਾਵਾ ਲੌਜਿਸਟਿਕਸ ਸਪੋਰਟ ਦੇਣ ਵਾਲੇ 6 ਹੈਂਡਲਰਾਂ ਦੀ ਵੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਵਿਚ ਬਰਿੰਦਰਪਾਲ ਸਿੰਘ ਉਰਫ ਮਨੀ ਅਤੇ ਰਾਜਬੀਰ ਸਿੰਘ ਉਰਫ ਰਾਜੂ ਦੋਵੇਂ ਵਾਸੀ ਕਤੇਲ, ਅੰਮ੍ਰਿਤਸਰ; ਵਿਸ਼ਵਾਸ ਮਸੀਹ ਉਰਫ ਭੰਬੋ ਵਾਸੀ ਭਾਗਨਪੁਰਾ, ਅੰਮ੍ਰਿਤਸਰ; ਦਿਲਪ੍ਰੀਤ ਸਿੰਘ ਉਰਫ ਮੰਨਾ, ਹਰਜੋਤ ਕੁਮਾਰ ਉਰਫ ਮੀਟੂ ਅਤੇ ਜੋਇਲ ਮਸੀਹ ਉਰਫ ਰੋਹਨ ਉਰਫ ਨੋਨੀ ਤਿੰਨੋਂ ਵਾਸੀ ਡੇਰਾ ਬਾਬਾ ਨਾਨਕ, ਬਟਾਲਾ। ਡੀ.ਜੀ.ਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਅਤੇ ਇੱਕ .32 ਬੋਰ ਦੇ ਪਿਸਤੌਲ, ਇੱਕ ਹੈਂਡ ਗ੍ਰਨੇਡ ਅਤੇ ਇੱਕ ਡਰੋਨ ਵੀ ਬਰਾਮਦ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਪਿੱਛੇ ਹੋਰ ਸਬੰਧਾਂ ਦਾ ਪਤਾ ਲੱਗ ਸਕੇ। ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਾਡਿਊਲ ਦੀਆਂ ਗਤੀਵਿਧੀਆਂ ਬਾਰੇ ਮਿਲੀ ਭਰੋਸੇਯੋਗ ਸੂਚਨਾ ‘ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਨੇ ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਅੰਮ੍ਰਿਤਸਰ ਸ਼ਹਿਰ ਦੇ ਰਮਦਾਸ ਖੇਤਰ ਸਮੇਤ ਵੱਖ-ਵੱਖ ਖੇਤਰਾਂ ਤੋਂ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਹ ਬਰਾਮਦਗੀ ਡੇਰਾ ਬਾਬਾ ਨਾਨਕ ਦੇ ਪਿੰਡ ਖਾਨਾ ਚਮਾਰਾ, ਰਮਦਾਸ ਦੇ ਪਿੰਡ ਅਵਾਨ ਅਤੇ ਅੰਮ੍ਰਿਤਸਰ ਸ਼ਹਿਰ ਦੇ ਵੱਲਾ ਇਲਾਕੇ ਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਬਸੰਤ ਸਿੰਘ ਅਤੇ ਅਮਨਪ੍ਰੀਤ ਸਿੰਘ ਉਰਫ਼ ਅਮਨ ਦੀ ਗ੍ਰਿਫ਼ਤਾਰੀ ਨਾਲ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 28 ਨਵੰਬਰ 2024 ਨੂੰ ਬਟਾਲਾ ਵਿਖੇ ਇੱਕ ਪੁਲਿਸ ਅਧਿਕਾਰੀ ਦੀ ਰਿਹਾਇਸ਼ ‘ਤੇ ਹੋਏ ਹਮਲੇ ਦਾ ਮਾਮਲਾ ਵੀ ਸੁਲਝਾ ਲਿਆ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਦੂਜੇ ਮੁੱਖ ਸੰਚਾਲਕ ਦੀ ਵੀ ਸ਼ਨਾਖਤ ਕਰ ਲਈ ਹੈ ਅਤੇ ਪੁਲਿਸ ਟੀਮਾਂ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ ਦੀ ਧਾਰਾ 111(1), 111(2), 111(3), 111(4), 249 ਅਤੇ 253 ਦੇ ਤਹਿਤ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਥਾਣਾ ਕੈਂਟ, ਅੰਮ੍ਰਿਤਸਰ ਐਕਟ (UAPA) ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 13, 16, 17, 18, 19 ਅਤੇ 20 ਧਾਰਾ 25(6) ਅਤੇ 25(7) ਤਹਿਤ ਐਫ.ਆਈ.ਆਰ. ਮੁਕੱਦਮਾ ਨੰਬਰ 191 ਮਿਤੀ 03.12.2024 ਦਰਜ ਕੀਤਾ ਗਿਆ ਹੈ।