ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਪਲੇਵੇਅ ਸਕੂਲਾਂ ਲਈ ਦਿਸ਼ਾ-ਨਿਰਦੇਸ਼ ਤੈਅ ਕੀਤੇ ਹਨ। ਪੰਜਾਬ ਸਰਕਾਰ ਪਲੇਵੇਅ ਸਕੂਲਾਂ ਲਈ ਨਵੀਂ ਨੀਤੀ ਲਾਗੂ ਕਰਨ ਜਾ ਰਹੀ ਹੈ। ਬਿਲਡਿੰਗ ਤੋਂ ਲੈ ਕੇ ਪਲੇਵੇਅ ਸਕੂਲਾਂ ਦੇ ਅਧਿਆਪਕ ਤੱਕ ਗਾਈਡ ਲਾਈਨ ਤੈਅ ਕੀਤੀ ਗਈ ਹੈ।
ਵਿਭਾਗ ਵੱਲੋਂ ਸਕੂਲਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਕੂਲਾਂ ਵਿੱਚ ਦਾਖ਼ਲੇ ਲਈ ਬੱਚੇ ਲਈ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਆਦਿ ਨਹੀਂ ਹੋਵੇਗੀ। ਇਨ੍ਹਾਂ ਸਕੂਲਾਂ ਵਿੱਚ ਜੰਕ ਫੂਡ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਇਸਤੋਂ ਇਲਾਵਾ ਘਰੋਂ ਵੀ ਜੰਕ ਫੂਡ ਟਿਫਿਨ ਵਿੱਚ ਨਹੀਂ ਆਵੇਗਾ ਅਤੇ ਨਾ ਹੀ ਸਕੂਲ ਵਿੱਚ ਜਾਂ ਆਲੇ-ਦੁਆਲੇ ਜੰਕ ਫੂਡ ਵੇਚਿਆ ਜਾਵੇਗਾ।
ਇਹ ਜਾਣਕਾਰੀ ਮੰਤਰੀ ਡਾ. ਬਲਜੀਤ ਕੌਰ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਉਣ ਤੋਂ ਪਹਿਲਾਂ ਇਹ ਜਾਂਚ ਕਰਨ ਕਿ ਸਕੂਲ ਰਜਿਸਟਰ ਹੈ ਜਾਂ ਨਹੀਂ। ਇਸ ਸਬੰਧੀ ਜਾਣਕਾਰੀ ਸਮਾਜ ਭਲਾਈ ਵਿਭਾਗ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ। ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਹੁਣ ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਇੱਕ ਮਹੀਨੇ ਦੇ ਅੰਦਰ-ਅੰਦਰ ਸਾਰੇ ਪਲੇ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇਗੀ। ਨਿਯਮਾਂ ਦੀ ਪਾਲਣਾ ਕਰਨ ਵਾਲੇ ਸਕੂਲ ਹੀ ਕੰਮ ਕਰ ਸਕਣਗੇ।
ਇਸ ਦੇ ਨਾਲ ਹੀ ਪੇਰੇਂਟਸ ਵਟਸਐਪ ਗਰੁੱਪ ਬਣਾਉਣਗੇ। ਇਸ ਵਿੱਚ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਲੇਅ ਵੇਅ ਸਕੂਲਾਂ ਦੀ ਸਮੇਂ-ਸਮੇਂ ‘ਤੇ ਚੈਕਿੰਗ ਕੀਤੀ ਜਾਵੇਗੀ। ਸਕੂਲਾਂ ਦੀ ਰਜਿਸਟ੍ਰੇਸ਼ਨ ਹਰ ਸਾਲ ਹੋਵੇਗੀ।