ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਸੰਸਦ ਹਮਲੇ (The Parliament Attack) ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਹਮੇਸ਼ਾ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ”2001 ਦੇ ਸੰਸਦ ਹਮਲੇ ‘ਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੀ ਕੁਰਬਾਨੀ ਸਾਡੇ ਦੇਸ਼ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਅਸੀਂ ਉਨ੍ਹਾਂ ਦੇ ਹੌਂਸਲੇ ਅਤੇ ਸਮਰਪਣ ਲਈ ਹਮੇਸ਼ਾ ਸ਼ੁਕਰਗੁਜ਼ਾਰ ਰਹਾਂਗੇ।” ਪ੍ਰਧਾਨ ਮੰਤਰੀ ਨੇ ਸੰਸਦ ਹਮਲੇ ਦੀ ਵਰ੍ਹੇਗੰਢ ‘ਤੇ ਸੰਸਦ ਭਵਨ ਵਿਖੇ ਆਯੋਜਿਤ ਸ਼ਰਧਾਂਜਲੀ ਸਭਾ ਵਿੱਚ ਹਿੱਸਾ ਲਿਆ। ਉਨ੍ਹਾਂ ਇਸ ਪ੍ਰੋਗਰਾਮ ਨਾਲ ਜੁੜੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
ਜ਼ਿਕਰਯੋਗ ਹੈ ਕਿ 13 ਦਸੰਬਰ 2001 ਨੂੰ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੇ ਸੰਸਦ ‘ਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਦਿੱਲੀ ਪੁਲਿਸ ਦੇ ਪੰਜ ਜਵਾਨ, ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਇੱਕ ਮਹਿਲਾ ਕਰਮਚਾਰੀ ਅਤੇ ਦੋ ਸੰਸਦ ਦੇ ਕਰਮਚਾਰੀ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦ ਹੋ ਗਏ ਸਨ। ਹਮਲੇ ਵਿੱਚ ਇੱਕ ਕਰਮਚਾਰੀ ਅਤੇ ਇੱਕ ਕੈਮਰਾਮੈਨ ਵੀ ਮਾਰਿਆ ਗਿਆ।