ਮੋਗਾ : ਪੰਜਾਬ ਸਰਕਾਰ ਵੱਲੋਂ ਨਸ਼ਾ ਵੇਚ ਕੇ ਤਸਕਰਾਂ ਵੱਲੋਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੇ ਜ਼ਿਲ੍ਹੇ ਦੇ ਵੱਖ-ਵੱਖ ਕਥਿਤ ਸਮੱਗਲਰਾਂ ਦੀ 8 ਕਰੋੜ 68 ਲੱਖ 94 ਹਜ਼ਾਰ 194 ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਹੈ। ਇਸ ਸਬੰਧੀ ਜ਼ਿਲ੍ਹਾ ਪਲਿਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਡੀ.ਆਈ.ਜੀ. ਫਰੀਦਕੋਟ ਰੇਂਜ ਅਸ਼ਵਨੀ ਕਪੂਰ ਦੀਆਂ ਹਦਾਇਤਾਂ ‘ਤੇ ਮੋਗਾ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਸਮੱਗਲਰਾਂ ਦੀ ਮਾਲਕੀ ਵਾਲੀ ਜਾਇਦਾਦ ਨੂੰ ਜ਼ਬਤ ਕਰਨ ਦੀ ਵੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲ੍ਹੇ ਵਿੱਚ 25 ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਕਥਿਤ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਸਿਟੀ ਮੋਗਾ, ਧਰਮਕੋਟ, ਕੋਟਈਸੇ ਖਾਂ, ਮਹਿਣਾ, ਫਤਿਹਗੜ੍ਹ ਪੰਜਤੂਰ, ਨਿਹਾਲ ਸਿੰਘਵਾਲਾ, ਬੱਧਨੀਕਲਾਂ, ਅਜੀਤਵਾਲ ਅਤੇ ਸਮਾਲਸਰ ਵਿੱਚ ਸਥਿਤ 19 ਜਾਇਦਾਦਾਂ ਨੂੰ ਫਰੀਜ਼ ਕੀਤਾ ਗਿਆ ਹੈ।
ਜ਼ਿਲ੍ਹਾ ਪੁਲਿਸ ਕਪਤਾਨ ਅਜੇ ਗਾਂਧੀ ਨੇ ਦੱਸਿਆ ਕਿ ਉਕਤ ਜਾਇਦਾਦਾਂ ਨੂੰ ਭਾਰਤ ਸਰਕਾਰ ਦੇ ਵਿੱਤ ਵਿਭਾਗ ਦੇ ਸਮਰੱਥ ਅਥਾਰਟੀ ਤੋਂ ਪ੍ਰਵਾਨਗੀ ਲੈਣ ਤੋਂ ਬਾਅਦ ਫਰੀਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਅੱਗੇ ਤੋਂ ਵੀ ਇਸੇ ਤਰ੍ਹਾਂ ਦੀ ਕਾਰਵਾਈ ਜਾਰੀ ਰਹੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।