ਅੰਮ੍ਰਿਤਸਰ: ਪੰਜਾਬ ਵਿੱਚ ਅੱਜ ਸਵੇਰੇ ਇੱਕ ਧਮਾਕਾ ਹੋਇਆ, ਜਿਸ ਨਾਲ ਆਸ-ਪਾਸ ਦੇ ਲੋਕ ਡਰ ਗਏ। ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਕਮਿਸ਼ਨਰੇਟ ਅਤੇ ਅੰਮ੍ਰਿਤਸਰ ਦਿਹਾਤੀ (Amritsar Commissionerate and Amritsar Rural) ਅਧੀਨ ਪੈਂਦੇ ਥਾਣਿਆਂ ਦਰਮਿਆਨ ਵੱਖ-ਵੱਖ ਸਮੇਂ ‘ਤੇ ਧਮਾਕਿਆਂ ਦੇ ਮਾਮਲੇ ਸਾਹਮਣੇ ਆਏ ਹਨ।
ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ (Islamabad Police Station of Amritsr) ਦਾ ਹੈ, ਜਿੱਥੇ ਅੱਜ ਤੜਕੇ 4 ਵਜੇ ਦੇ ਕਰੀਬ ਧਮਾਕਾ ਹੋਇਆ, ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਵੀ ਥਾਣੇ ਦੇ ਬਾਹਰ ਪਹੁੰਚ ਗਈਆਂ ਅਤੇ ਪੂਰੇ ਮਾਮਲੇ ਦੀ ਜਾਂਚ ਕਰ ਰਹੀਆ ਹਨ। ਮੌਕੇ ‘ਤੇ ਪਹੁੰਚੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ ਵੱਖ-ਵੱਖ ਥਾਣਿਆਂ ਵਿਚਕਾਰ ਹੋਏ ਬੰਬ ਧਮਾਕਿਆਂ ਦੇ ਸਬੰਧ ‘ਚ ਹੁਣ ਤੱਕ 12 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ‘ਚ ਉਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਅਮਨ ਖੋਖਰ ਨਾਂ ਦੇ ਇਕ ਵਿਅਕਤੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ 3 ਹੋਰ ਲੋਕ ਉਨ੍ਹਾਂ ਦੇ ਰਾਡਾਰ ‘ਤੇ ਹਨ। ਪੁਲਿਸ ਨੇ ਕਿਹਾ ਕਿ ਜਦੋਂ ਪੁਲਿਸ ਇੱਕ ਗਰੁੱਪ ਦੇ ਇੰਨੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲੈਂਦੀ ਹੈ ਤਾਂ ਗਰੁੱਪ ਦਾ ਆਗੂ ਆਪਣੀ ਤਾਕਤ ਦਿਖਾਉਣ ਲਈ ਅਜਿਹੀ ਕਾਰਵਾਈ ਕਰਦਾ ਹੈ। ਪਰ ਪੁਲਿਸ ਜਲਦ ਹੀ ਇਸ ਗਿਰੋਹ ਦੇ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਧਮਾਕੇ ਦੀ ਆਵਾਜ਼ ਜ਼ਰੂਰ ਸੁਣੀ ਗਈ, ਪਰ ਧਮਾਕੇ ਦੀ ਕੋਈ ਸਮੱਗਰੀ ਬਰਾਮਦ ਨਹੀਂ ਹੋਈ ਅਤੇ ਨਾ ਹੀ ਧਮਾਕੇ ਕਾਰਨ ਕੋਈ ਜਾਨੀ-ਮਾਲੀ ਨੁਕਸਾਨ ਹੋਇਆ ਹੈ।