ਪੰਜਾਬ : ਪੰਜਾਬ ਵਾਸੀਆਂ ਲਈ ਵੱਡੀ ਖੁਸ਼ਖਬਰੀ ਹੈ। ਦਰਅਸਲ, ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਤੋਹਫ਼ਾ ਦਿੱਤਾ ਹੈ। ਜੀ ਹਾਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਲੋਹੜੀ ਦੇ ਤਿਉਹਾਰ ਤੋਂ ਬਾਅਦ ਪਟਿਆਲਾ ਦੇ ਕਿਲਾ ਮੁਬਾਰਕ ਵਿਖੇ ਆਪਣੀ ਕਿਸਮ ਦਾ ਪਹਿਲਾ ਹੋਟਲ ਲੋਕ ਅਰਪਣ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਸੈਰ-ਸਪਾਟਾ ਅਤੇ ਸੱਭਿਆਚਾਰਕ ਪ੍ਰੋਤਸਾਹਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੀ.ਪੀ.ਪੀ ਮੋਡ ‘ਤੇ ਬਣਾਇਆ ਗਿਆ ਇਹ ਖੂਬਸੂਰਤ ਡਿਜ਼ਾਇਨ ਹੋਟਲ ਆਰਾਮ, ਪ੍ਰਾਹੁਣਚਾਰੀ ਅਤੇ ਸ਼ਾਨਦਾਰਤਾ ਦੇ ਮਾਮਲੇ ਵਿੱਚ ਨਵੇਂ ਮਿਆਰ ਕਾਇਮ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਥਾਨ ਵਿਆਹਾਂ ਅਤੇ ਹੋਰ ਸਮਾਗਮਾਂ ਲਈ ਤਰਜੀਹੀ ਸਥਾਨ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਹੋਟਲ ਸੂਬੇ ਖਾਸ ਕਰਕੇ ਪਟਿਆਲਾ ਸ਼ਹਿਰ ਵਿੱਚ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਵੇਗਾ।
ਸੈਲਾਨੀਆਂ ਨੂੰ ਹੋਟਲ ਵਿੱਚ ਆਰਾਮਦਾਇਕ ਸਹੂਲਤਾਂ ਮਿਲਣਗੀਆਂ। ਇਸ ਮੌਕੇ ਦੂਜੇ ਏਜੰਡੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ 9ਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੱਡੇ ਪੱਧਰ ‘ਤੇ ਮਨਾਏਗੀ। ਇਸ ਸਬੰਧੀ ਸੂਬੇ ਭਰ ਵਿੱਚ ਲੜੀਵਾਰ ਪ੍ਰੋਗਰਾਮ ਉਲੀਕੇ ਜਾਣਗੇ ਅਤੇ ਗੁਰੂ ਸਾਹਿਬ ਦੇ ਅਸਥਾਨਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੈਰ ਸਪਾਟਾ ਵਿਭਾਗ ਨੂੰ ਮਹਾਨ ਸਿੱਖ ਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਲੜੀਵਾਰ ਪ੍ਰੋਗਰਾਮ ਉਲੀਕਣ ਲਈ ਵਿਸਥਾਰਤ ਪ੍ਰੋਗਰਾਮ ਤਿਆਰ ਕਰਨ ਲਈ ਕਿਹਾ ਹੈ।