ਜਲੰਧਰ : ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਤੀਜੇ ਦੇ ਕਤਲ ਮਾਮਲੇ ‘ਚ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ। ਐਸ.ਐਸ.ਪੀ ਹਰਕਮਲਪ੍ਰੀਤ ਖੱਖ ਅਤੇ ਪੁਲਿਸ ਟੀਮ ਨੇ ਕਾਰਵਾਈ ਕਰਦੇ ਹੋਏ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਪੁਲਿਸ ਨੂੰ ਆਪਣੇ ਭਤੀਜੇ ਦੇ ਕਤਲ ਦੀ ਜਾਣਕਾਰੀ ਦਿੱਤੀ ਸੀ। ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਕਤ ਘਟਨਾ ਬਾਰੇ ਅਹਿਮ ਖੁਲਾਸੇ ਕਰ ਸਕਦੀ ਹੈ।
ਦੱਸ ਦੇਈਏ ਕਿ ਘਟਨਾ ਰਾਤ ਕਰੀਬ 3 ਵਜੇ ਦੀ ਹੈ। ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਇੰਨੀ ਵੱਧ ਗਈ ਕਿ ਬਦਮਾਸ਼ਾਂ, ਜਿਨ੍ਹਾਂ ਦੀ ਗਿਣਤੀ 7 ਤੋਂ 8 ਦੱਸੀ ਜਾਂਦੀ ਹੈ, ਨੇ ਸੁਖਵਿੰਦਰ ਕੋਟਲੀ ਦੇ ਭਤੀਜੇ ਸੰਨੀ ਦਾ ਸ਼ਰੇਆਮ ਕਤਲ ਕਰ ਦਿੱਤਾ ਅਤੇ ਦੋ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਪਿੰਡ ਬਿਆਸ ਦੇ ਰਹਿਣ ਵਾਲੇ ਸੰਨੀ ਵਜੋਂ ਹੋਈ ਹੈ, ਜਦਕਿ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਗਈ ਹੈ। ਹਮਲਾਵਰ ਬਿਨਾਂ ਕਿਸੇ ਡਰ ਦੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਪੁਲਿਸ ਤੋਂ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।