ਜਲੰਧਰ : ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਜਲੰਧਰ ਤੋਂ ਸਾਹਮਣੇ ਆਈ ਹੈ। ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਦੇ ਭਤੀਜੇ ਦਾ ਬਦਮਾਸ਼ਾਂ ਵੱਲੋਂ ਸ਼ਰੇਆਮ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਸੰਨੀ ਵਾਸੀ ਪਿੰਡ ਬਿਆਸ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਸ ਘਟਨਾ ਦੌਰਾਨ ਉਸ ਦੇ ਦੋ ਹੋਰ ਸਾਥੀ ਵੀ ਜ਼ਖ਼ਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਘਟਨਾ ਰਾਤ ਕਰੀਬ 3 ਵਜੇ ਦੀ ਹੈ। ਜਾਣਕਾਰੀ ਮੁਤਾਬਕ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਇੰਨੀ ਵਧ ਗਈ ਕਿ ਬਦਮਾਸ਼ਾਂ, ਜਿਨ੍ਹਾਂ ‘ਚੋਂ 7 ਤੋਂ 8 ਦੱਸੇ ਜਾਂਦੇ ਹਨ, ਨੇ ਸੰਨੀ ਦਾ ਸ਼ਰੇਆਮ ਕਤਲ ਕਰ ਦਿੱਤਾ ਅਤੇ 2 ਲੋਕਾਂ ਨੂੰ ਜ਼ਖਮੀ ਕਰ ਦਿੱਤਾ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਹਮਲਾਵਰ ਬਿਨਾਂ ਕਿਸੇ ਡਰ ਦੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਉਸ ਦੇ ਭਤੀਜੇ ਦਾ ਵੀ ਬਦਮਾਸ਼ਾਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਪੁਲਿਸ ਨੂੰ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ ਹੈ।