Home ਪੰਜਾਬ ਔਰਤਾਂ ਨੂੰ ਲੈ ਕੇ ਮਾਨ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

ਔਰਤਾਂ ਨੂੰ ਲੈ ਕੇ ਮਾਨ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

0

ਫਰੀਦਕੋਟ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਲੜਕੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਪ੍ਰਦਾਨ ਕਰਨ, ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ, ਉਨ੍ਹਾਂ ਦੇ ਮੁਫ਼ਤ ਸਿਹਤ ਜਾਂਚ ਅਤੇ ਹੋਰ ਸਰਕਾਰੀ ਸਹੂਲਤਾਂ ਬਾਰੇ ਵਿਸ਼ੇਸ਼ ਤੌਰ ’ਤੇ ਡਾ ਸਟੇਡੀਅਮ ਫਰੀਦਕੋਟ ਵਿਖੇ 19 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੈਂਪ ਲਗਾਇਆ ਜਾ ਰਿਹਾ ਹੈ। ਇਸ ਵਿੱਚ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਉਨ੍ਹਾਂ ਦੇ ਨਾਲ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਹਾਜ਼ਰ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਜਿੱਥੇ ਸੂਬੇ ਅਤੇ ਇੱਥੋਂ ਦੇ ਲੋਕਾਂ ਦਾ ਵਿਕਾਸ ਕਰਨਾ ਹੈ, ਉੱਥੇ ਹੀ ਸੂਬੇ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਵੱਧ ਤੋਂ ਵੱਧ ਅੱਗੇ ਆਉਣ ਲਈ ਉਤਸ਼ਾਹਿਤ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਲੜਕੀਆਂ/ਔਰਤਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੀਆਂ ਲੜਕੀਆਂ/ਔਰਤਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਨੇ ਦੱਸਿਆ ਕਿ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ ਜ਼ਿਲ੍ਹੇ ਦੀਆਂ ਲੜਕੀਆਂ ਦੀ 10 ਕੰਪਨੀਆਂ ਵੱਲੋਂ ਇੰਟਰਵਿਊ ਲਈ ਜਾਵੇਗੀ ਅਤੇ ਲੜਕੀਆਂ ਨੂੰ ਮੌਕੇ ‘ਤੇ ਹੀ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ 22 ਡਾਕਟਰਾਂ ਦੀ ਟੀਮ ਮੌਕੇ ‘ਤੇ ਮੌਜੂਦ ਲੜਕੀਆਂ/ਔਰਤਾਂ ਦੀ ਮੁਫਤ ਸਿਹਤ ਜਾਂਚ ਕਰੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 224 ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਖੇਡ ਕਿੱਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

Exit mobile version