ਚੰਡੀਗੜ੍ਹ: ਸ਼ੰਭੂ ਅਤੇ ਖਨੌਰੀ ਸਰਹੱਦ (The Shambhu and Khanuri Border) ‘ਤੇ 13 ਫਰਵਰੀ 2024 ਨੂੰ ਸ਼ੁਰੂ ਹੋਇਆ ਟਕਰਾਅ ਇਸ ਸਮੇਂ ਨਾਜ਼ੁਕ ਮੋੜ ‘ਤੇ ਪਹੁੰਚ ਗਿਆ ਹੈ। ਜਿੱਥੇ ਅੱਜ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 32ਵੇਂ ਦਿਨ ‘ਚ ਪਹੁੰਚ ਗਿਆ ਹੈ, ਉਥੇ ਹੀ 30 ਦਸੰਬਰ ਨੂੰ ਦਿੱਤੇ ਬੰਦ ਦੇ ਸੱਦੇ ‘ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਲੋਕ, ਵਪਾਰੀ ਅਤੇ ਹੋਰ ਵਰਗ ਬੰਦ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
ਉਕਤ ਗਰੁੱਪਾਂ ਨੇ ਬੰਦ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਪੋਸਟਰ ਲਗਾਏ ਹਨ। ਕਿਸਾਨ ਮਜ਼ਦੂਰ ਮੋਰਚਾ ਅਤੇ ਸਾਂਝਾ ਕਿਸਾਨ ਮੋਰਚਾ ਵੱਲੋਂ ਗੈਰ-ਸਿਆਸੀ ਪੱਖ ਤੋਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾਈ ਆਗੂਆਂ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ ਅਤੇ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ,ਮਜ਼ਦੂਰਾਂ ਦੀ ਤਰਫੋਂ ਪੈਦਲ ਯਾਤਰਾ ਕਰ ਦੁਕਾਨਦਾਰਾਂ ,ਰੇਹੜੀ-ਠੇਲੇ ਵਾਲੇ, ਛੋਟੇ ਵਪਾਰੀਆਂ ,ਆਟੋ ਰਿਕਸ਼ਾ ਚਾਲਕਾਂ ਅਤੇ ਬਜ਼ਾਰਾਂ ਵਿੱਚ ਮਿਲਣ ਵਾਲੀ ਆਮ ਲੋਕਾਂ ਨੂੰ 30 ਦੇ ਬੰਦ ਪ੍ਰਤੀ ਜਾਗਰੂਕ ਕੀਤਾ।
ਉਨ੍ਹਾਂ ਕਿਹਾ ਕਿ ਬਾਜ਼ਾਰਾਂ ਦੇ ਨਾਲ-ਨਾਲ ਸੜਕਾਂ ਅਤੇ ਰੇਲ ਮਾਰਗ ਵੀ ਜਾਮ ਰਹੇਗਾ। ਉਨ੍ਹਾਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੂਹ ਪੰਜਾਬੀਆਂ ਨੂੰ ਕਿਹਾ ਕਿ ਉਹ ਕੁਝ ਘੰਟਿਆਂ ਲਈ ਆਪਣੇ ਕਾਰੋਬਾਰ ਬੰਦ ਕਰਕੇ ਸਹਿਯੋਗ ਕਰਨ ਤਾਂ ਜੋ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਇਸ ਅੰਦੋਲਨ ਵਿੱਚ ਸਾਰੇ ਪੰਜਾਬ ਦੀ ਏਕਤਾ ਦਾ ਸਬੂਤ ਦਿੱਤਾ ਜਾ ਸਕੇ।