ਸ਼ਿਮਲਾ : ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ (Justice Gurmeet Singh Sandhawalia) ਨੇ ਅੱਜ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਨਵੇਂ ਚੀਫ ਜਸਟਿਸ ਵਜੋਂ ਸਹੁੰ ਚੁੱਕੀ। ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ (Governor Shiv Pratap Shukla) ਨੇ ਉਨ੍ਹਾਂ ਨੂੰ ਰਾਜ ਭਵਨ ਵਿਖੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਮੰਤਰੀਆਂ ਅਤੇ ਹਾਈ ਕੋਰਟ ਦੇ ਜੱਜਾਂ ਸਮੇਤ ਕਈ ਪਤਵੰਤੇ ਹਾਜ਼ਰ ਸਨ।
ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੇਵਾ ਨਿਭਾਅ ਰਹੇ ਸਨ। ਜਸਟਿਸ ਸੰਧਾਵਾਲੀਆ ਨੇ 4 ਫਰਵਰੀ, 2024 ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲ ਲਿਆ ਹੈ। ਸੁਪਰੀਮ ਕੋਰਟ ਦੇ ਕਾਲੇਜੀਅਮ ਨੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਨਾਂ ਦੀ ਸਿਫ਼ਾਰਸ਼ ਕੀਤੀ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਇਆ ਗਿਆ ਹੈ।
ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੀ ਹਿਮਾਚਲ ਨਾਲ ਲੰਮੀ ਸਾਂਝ ਹੈ। ਹਿਮਾਚਲ ਵੀ ਪਹਿਲਾਂ ਪੰਜਾਬ ਦਾ ਹਿੱਸਾ ਸੀ। ਪੰਜਾਬ-ਹਰਿਆਣਾ ਦੇ ਮੁਕਾਬਲੇ ਹਿਮਾਚਲ ਛੋਟਾ ਹੈ ਅਤੇ ਅਪਰਾਧ ਵੀ ਘੱਟ ਹਨ। ਹਰ ਕਿਸੇ ਨੂੰ ਇਨਸਾਫ਼ ਦਿਵਾਉਣ ਦਾ ਯਤਨ ਕੀਤਾ ਜਾਵੇਗਾ। ਲੰਬਿਤ ਕੇਸਾਂ ਲਈ ਵਾਧੂ ਸਮਾਂ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਇਸ ਦੌਰਾਨ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਹਾਈਕੋਰਟ ਨੂੰ ਨਵੇਂ ਜੱਜ ਮਿਲੇ ਹਨ। ਉਹ ਨਾਲ ਲੱਗਦੇ ਚੰਡੀਗੜ੍ਹ ਹਾਈਕੋਰਟ ਤੋਂ ਉਹ ਹਿਮਾਚਲ ਪ੍ਰਦੇਸ਼ ਆਏ ਹਨ । ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀ ਤਰਫੋਂ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਹਾਈਕੋਰਟ ਵਿੱਚ ਪੈਡਿੰਗ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਆਪਣੇ ਪੱਧਰ ’ਤੇ ਫੈਸਲੇ ਲੈਂਦੀ ਹੈ।