ਲੁਧਿਆਣਾ : ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਐਲਾਨ ਦਰਮਿਆਨ ਪੈਟਰੋਲੀਅਮ ਡੀਲਰਾਂ ਨੇ ਹੁਣ ਵੱਡਾ ਐਲਾਨ ਕੀਤਾ ਹੈ। ਐਸੋਸੀਏਸ਼ਨ ਨੇ ਕਿਹਾ ਹੈ ਕਿ ਲੁਧਿਆਣਾ (Ludhiana) ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪ ਖੁੱਲ੍ਹੇ ਰੱਖੇ ਜਾਣਗੇ।
ਲੁਧਿਆਣਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕੀਤੀ ਹੈ ਪਰ ਕਿਹਾ ਹੈ ਕਿ 30 ਦਸੰਬਰ ਨੂੰ ਪੰਜਾਬ ਬੰਦ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਸਾਰੇ ਪੈਟਰੋਲ ਪੰਪ ਖੁੱਲ੍ਹੇ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਇੱਥੇ ਦੱਸ ਦੇਈਏ ਕਿ ਕਿਸਾਨਾਂ ਨੇ ਸੂਬੇ ਭਰ ਦੇ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਸੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਹਾਲ ਹੀ ਵਿੱਚ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਹੋਰ ਚੀਜ਼ਾਂ ਦੇ ਨਾਲ-ਨਾਲ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਸੀ। ਇਸੇ ਦੌਰਾਨ ਲੁਧਿਆਣਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਅੱਜ ਜ਼ਿਲ੍ਹੇ ਵਿੱਚ ਪੈਟਰੋਲ ਪੰਪ ਖੁੱਲ੍ਹੇ ਰੱਖਣ ਦਾ ਐਲਾਨ ਕੀਤਾ ਹੈ, ਜਿਸ ਕਾਰਨ ਲੋਕਾਂ ਵਿੱਚ ਭੰਬਲਭੂਸਾ ਪੈਦਾ ਹੋ ਸਕਦਾ ਹੈ।