ਚੰਡੀਗੜ੍ਹ: ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦੀ ਵਿਗੜਦੀ ਸਿਹਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ (The Supreme Court) ‘ਚ ਸੁਣਵਾਈ ਹੋਈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਵੈਕੇਸ਼ਨ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਸਬੰਧੀ 20 ਦਸੰਬਰ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਨੂੰ ਤਿੰਨ ਦਿਨ ਦਾ ਹੋਰ ਸਮਾਂ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ।
28 ਦਸੰਬਰ ਦਿਨ ਸ਼ਨੀਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਲਈ ਪੰਜਾਬ ਸਰਕਾਰ ਦੇ ਰਵੱਈਏ ਦੀ ਸਖ਼ਤ ਆਲੋਚਨਾ ਕੀਤੀ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਸਾਡੇ ਹੁਕਮਾਂ ਦੀ ਹਰ ਕੀਮਤ ‘ਤੇ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਉਹ ਕੁਝ ਹੋਰ ਸਮਾਂ ਕਿਉਂ ਮੰਗ ਰਹੀ ਹੈ।
ਪੰਜਾਬ ਸਰਕਾਰ ਦੇ ਏ.ਜੀ ਨੇ ਅਦਾਲਤ ਨੂੰ ਦੱਸਿਆ ਕਿ ਕੁਝ ਜ਼ਿੰਮੇਵਾਰ ਲੋਕ ਡੱਲੇਵਾਲ ਨਾਲ ਗੱਲ ਕਰਨ ਗਏ ਸਨ। ਬੀਤੇ ਦਿਨ ਦੋ ਗੱਲਾਂ ਹੋਈਆਂ। ਇਸ ਤੋਂ ਪਹਿਲਾਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਪੂਰੇ ਪੰਜਾਬ ਵਿੱਚ ਜਾਮ ਲੱਗ ਗਿਆ ਸੀ। ਦੂਸਰਾ, ਕੇਂਦਰ ਸਰਕਾਰ ਨੂੰ ਇਹ ਪ੍ਰਸਤਾਵ ਦਿੱਤਾ ਗਿਆ ਹੈ ਕਿ ਡੱਲੇਵਾਲ ਪਰਿਵਾਰ ਗੱਲਬਾਤ ਦਾ ਪ੍ਰਸਤਾਵ ਆਉਣ ‘ਤੇ ਡਾਕਟਰੀ ਸਹਾਇਤਾ ਲੈਣ ਲਈ ਤਿਆਰ ਹੈ। ਪੰਜਾਬ ਸਰਕਾਰ ਦੀ ਮੰਗ ‘ਤੇ ਸੁਪਰੀਮ ਕੋਰਟ ਨੇ ਸਮਾਂ ਦਿੱਤਾ ਹੈ ਅਤੇ ਮਾਮਲੇ ‘ਤੇ ਅਗਲੀ ਸੁਣਵਾਈ 2 ਜਨਵਰੀ 2025 ਨੂੰ ਹੋਵੇਗੀ।