ਤੇਲੰਗਾਨਾ : ਡਾ. ਮਨਮੋਹਨ ਸਿੰਘ ਨੇ ਦੇਸ਼ ਦੇ ਵਿਕਾਸ ਵਿਚ ਬਹੁਤ ਯੋਗਦਾਨ ਦਿਤਾ ਸੀ। ਤੇਲੰਗਾਨਾ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਤੇਲੰਗਾਨਾ ਵਿਧਾਨ ਸਭਾ ਨੇ ਸੋਮਵਾਰ ਨੂੰ ਸਰਬਸੰਮਤੀ ਨਾਲ ਮਤਾ ਪਾਸ ਕੀਤਾ, ਜਿਸ ਵਿੱਚ ਕੇਂਦਰ ਸਰਕਾਰ ਨੂੰ ਮਰਹੂਮ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਬੇਨਤੀ ਕੀਤੀ ਗਈ ਹੈ।
ਵਿਧਾਨ ਸਭਾ ਨੇ ਮੁੱਖ ਮੰਤਰੀ ਰੇਵੰਤ ਰੈਡੀ ਵੱਲੋਂ ਪੇਸ਼ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਸਵੀਕਾਰ ਕਰ ਲਿਆ। ਡਾ. ਮਨਮੋਹਨ ਸਿੰਘ ਦਾ ਬੁੱਤ ਹੈਦਰਾਬਾਦ ਵਿੱਚ ਸਥਾਪਤ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਵੀ ਪਾਸ ਕੀਤਾ ਗਿਆ, ਤਾਂ ਜੋ ਉਨ੍ਹਾਂ ਨੂੰ ਇੱਕ ਮਹਾਨ ਨੇਤਾ ਵਜੋਂ ਯਾਦ ਕੀਤਾ ਜਾ ਸਕੇ। ਮਤੇ ਵਿੱਚ ਕਿਹਾ ਗਿਆ ਹੈ ਕਿ ਵਿੱਤ ਮੰਤਰੀ ਵਜੋਂ ਉਨ੍ਹਾਂ ਦਾ ਕਾਰਜਕਾਲ (1991-1996) ਦੇਸ਼ ਦੇ ਆਰਥਿਕ ਇਤਿਹਾਸ ਵਿੱਚ ਇੱਕ ਮੋੜ ਸੀ, ਜਿਸ ਵਿੱਚ ਉਦਾਰੀਕਰਨ, ਨਿੱਜੀਕਰਨ ਅਤੇ ਵਿਸ਼ਵੀਕਰਨ ਵਰਗੇ ਵੱਡੇ ਸੁਧਾਰ ਹੋਏ। ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸਦੇ ਨਾਲ ਹੀ, ਭਾਰਤ ਦੀ ਤਰੱਕੀ ਅਤੇ ਤੇਲੰਗਾਨਾ ਰਾਜ ਦੇ ਗਠਨ ਵਿੱਚ ਉਨ੍ਹਾਂ ਦੇ ਅਮੁੱਲ ਯੋਗਦਾਨ ਨੂੰ ਸਵੀਕਾਰ ਕੀਤਾ ਗਿਆ। ਡਾ. ਮਨਮੋਹਨ ਸਿੰਘ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧ ਅਰਥ ਸ਼ਾਸਤਰੀ ਦੱਸਿਆ ਗਿਆ । ਡਾ. ਮਨਮੋਹਨ ਸਿੰਘ 2004-2014 ਤੱਕ ਪ੍ਰਧਾਨ ਮੰਤਰੀ ਰਹੇ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ), ਸੂਚਨਾ ਦਾ ਅਧਿਕਾਰ ਕਾਨੂੰਨ, ਰਾਸ਼ਟਰੀ ਗ੍ਰਾਮੀਣ ਸਿਹਤ ਮਿਸ਼ਨ ਅਤੇ ਆਧਾਰ ਪ੍ਰੋਗਰਾਮ ਵਰਗੇ ਵੱਡੇ ਸਮਾਜਿਕ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ।