ਜੈਪੁਰ : ਜੈਪੁਰ ਪੁਲਿਸ (Jaipur Police) ਨੇ ਨੈਸ਼ਨਲ ਸੀਡਜ਼ ਕਾਰਪੋਰੇਸ਼ਨ (National Seeds Corporation) ਦੀ ਆਨਲਾਈਨ ਪ੍ਰੀਖਿਆ ਲੀਕ ਮਾਮਲੇ ‘ਚ ਅਹਿਮ ਖੁਲਾਸੇ ਕੀਤੇ ਹਨ। ਜੈਪੁਰ ਦੇ ਪੁਲਿਸ ਕਮਿਸ਼ਨਰ ਬੀਜੂ ਜਾਰਜ ਜੋਸੇਫ ਅਤੇ ਡੀ.ਸੀ.ਪੀ. ਪੱਛਮੀ ਅਮਿਤ ਕੁਮਾਰ ਬੁਡਾਨੀਆ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਮਾਮਲੇ ਵਿੱਚ 25 ਲੋਕਾਂ ਦੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚੋਂ 8 ਮੁਲਜ਼ਮਾਂ ਨੂੰ ਪੱਛਮੀ ਜ਼ਿਲ੍ਹਾ ਪੁਲਿਸ ਨੇ ਅਤੇ 6 ਨੂੰ ਐਸ.ਓ.ਜੀ. ਨੇ ਗ੍ਰਿਫ਼ਤਾਰ ਕੀਤਾ ਹੈ।
ਆਨਲਾਈਨ ਪ੍ਰੀਖਿਆ ਪ੍ਰਣਾਲੀ ਨੂੰ ਇਸ ਤਰ੍ਹਾਂ ਕੀਤਾ ਗਿਆ ਹੈਕ
ਗਰੋਹ ਦਾ ਢੰਗ ਅਤੇ ਤਕਨੀਕ ਦੀ ਵਰਤੋਂ: ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਗਰੋਹ ਪ੍ਰੀਖਿਆ ਕੇਂਦਰਾਂ ਦੇ ਮੁਲਾਜ਼ਮਾਂ ਨਾਲ ਮਿਲ ਕੇ ਆਨਲਾਈਨ ਪ੍ਰੀਖਿਆ ਪ੍ਰਣਾਲੀ ਨੂੰ ਹੈਕ ਕਰ ਲੈਂਦਾ ਸੀ। ਇਹ ਗਿਰੋਹ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਕਰਦਾ ਸੀ, ਜਿਸ ਨਾਲ ਵੱਡੀ ਗਿਣਤੀ ਵਿੱਚ ਉਮੀਦਵਾਰ ਪ੍ਰਭਾਵਿਤ ਹੁੰਦੇ ਸਨ। ਫੜੇ ਗਏ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਥਾਵਾਂ ‘ਤੇ ਵੀ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਗਿਰੋਹ ਦੇ ਟਿਕਾਣਿਆਂ ‘ਤੇ ਛਾਪੇਮਾਰੀ
ਪੁਲਿਸ ਨੇ ਗਿਰੋਹ ਦੇ ਮੈਂਬਰਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜੈਪੁਰ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪ੍ਰੀਖਿਆ ਕੇਂਦਰਾਂ ‘ਤੇ ਸੁਰੱਖਿਆ ਵਧਾਉਣ ਦੀ ਸਿਫਾਰਸ਼ ਕੀਤੀ ਗਈ ਹੈ।